ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 2 ਫਰਵਰੀ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਦੋ ਵਾਰ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦਾ ਹਲਕੇ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ ਦੌਰਾਨ ਪਿੰਡ ਭੁੱਲਰ ਪੁੱਜਣ ’ਤੇ ਇੱਕ ਔਰਤ ਵੱਲੋਂ ਵਿਰੋਧ ਕੀਤਾ ਗਿਆ। ਸੋਸ਼ਲ ਮੀਡੀਆ ’ਤੇ ਕਾਂਗਰਸੀ ਉਮੀਦਵਾਰ ਦੇ ਵਿਰੋਧ ਦੀ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਸੁਖਬੀਰ ਬਾਦਲ ਦੇ ਫੇਸਬੁੱਕ ਪੇਜ਼ ’ਤੇ ਵੀ ਅਪਲੋਡ ਕੀਤਾ ਗਿਆ ਹੈ। ਵੀਡੀਓ ਵਿੱਚ ਔਰਤ ਰਮਨਜੀਤ ਸਿੰਘ ਸਿੱਕੀ ਮੁਰਦਾਬਾਦ ਦੇ ਨਾਅਰੇ ਲਾਉਂਦੀ ਹੋਈ ਕਹਿ ਰਹੀ ਹੈ ਕਿ ਸਿੱਕੀ ਪੰਜ ਸਾਲ ਤਾਂ ਹਲਕੇ ਵਿੱਚ ਵੜਿਆ ਨਹੀਂ। ਇਸ ਦੌਰਾਨ ਸਿੱਕੀ ਦੇ ਸਮਰਥਕ ਔਰਤ ਨਾਲ ਬਦਸਲੂਕੀ ਕਰਦੇ ਹੋਏ ਉਸ ਦਾ ਮੋਬਾਈਲ ਖੋਹਣ ਦੀ ਕੋਸ਼ਿਸ਼ ਕਰਦੇ ਦਿਖਾਈ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਵੀਡੀਓ ਨੂੰ ਲੈ ਕੇ ਸ਼ੋਸਲ ਮੀਡੀਆ ’ਤੇ ਕਾਫ਼ੀ ਚਰਚਾ ਹੋ ਰਹੀ ਹੈ। ਵੀਡੀਓ ਸਬੰਧੀ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਦੋ ਵਾਰ ਵਿਧਾਇਕ ਰਹੇ ਰਮਨਜੀਤ ਸਿੰਘ ਸਿੱਕੀ ਨੇ ਹਲਕੇ ਤੋਂ ਹਮੇਸ਼ਾ ਦੂਰੀ ਬਣਾ ਕੇ ਰੱਖੀ ਜਿਸ ਕਾਰਨ ਹਲਕੇ ਦੇ ਲੋਕਾਂ ਵਿੱਚ ਉਨ੍ਹਾਂ ਖ਼ਿਲਾਫ਼ ਰੋਸ ਵੇਖਣ ਨੂੰ ਮਿਲ ਰਿਹਾ ਹੈ।