ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਨਵੰਬਰ
ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਅੱਜ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਮਰਹੂਮ ਪੰਡਿਤ ਜਵਾਹਰਲਾਲ ਨਹਿਰੂ ਦੇ ਜਨਮ ਦਿਨ ਮੌਕੇ ਮਹਿੰਗਾਈ ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਜਨਜਾਗਰਨ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਰੋਸ ਮਾਰਚ ਵੀ ਕੀਤਾ ਗਿਆ।
ਇਸ ਮੁਹਿੰਮ ਦੀ ਸ਼ੁਰੂਆਤ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਦਫ਼ਤਰ ਹਾਲ ਬਾਜ਼ਾਰ ਤੋਂ ਕੀਤੀ ਗਈ। ਇੱਥੇ ਪੰਡਿਤ ਜਵਾਹਰਲਾਲ ਨਹਿਰੂ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਮਹਿੰਗਾਈ ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਰੋਸ ਦਿਖਾਵਾ ਕੀਤਾ ਗਿਆ। ਇਸ ਸਮਾਗਮ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਜਤਿੰਦਰ ਸੋਨੀਆ ਨੇ ਕੀਤੀ ਅਤੇ ਇਸ ਮੌਕੇ ਵਿਧਾਇਕ ਸੁਨੀਲ ਦੱਤੀ ਵੀ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਦੌਰਾਨ ਕਾਂਗਰਸੀ ਆਗੂਆਂ ਨੇ ਆਖਿਆ ਕਿ ਇਸ ਵੇਲੇ ਦੇਸ਼ ਵਾਸੀ ਮਹਿੰਗਾਈ, ਬੇਰੁਜ਼ਗਾਰੀ, ਗ਼ਰੀਬੀ ਜਿਹੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਕਿਸਾਨ ਪਿਛਲੇ 11 ਮਹੀਨਿਆਂ ਤੋਂ ਸੜਕਾਂ ’ਤੇ ਹਨ ਅਤੇ ਆਪਣੇ ਹੱਕਾਂ ਲਈ ਲੜ ਰਹੇ ਹਨ ਪਰ ਕੇਂਦਰ ਸਰਕਾਰ ਕੋਈ ਸੁਣਵਾਈ ਨਹੀਂ ਕਰ ਰਹੀ। ਸਰਕਾਰ ਪੂੰਜੀਪਤੀਆਂ ਦੇ ਹੱਕ ਵਿਚ ਹੈ, ਜੋ ਗ਼ਰੀਬ ਦੀ ਰੋਟੀ ’ਤੇ ਕਬਜ਼ਾ ਕਰ ਰਹੇ ਹਨ। ਨਿੱਤ ਦਿਨ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਰੋਜ਼ ਵਰਤੋਂ ਦੀਆਂ ਵਸਤਾਂ ਦੀਆਂ ਕੀਮਤਾਂ ਵਧ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਵਿਚ ਅਤਿਵਾਦੀ ਹਮਲੇ ਵੀ ਵਧ ਰਹੇ ਹਨ ਅਤੇ ਦੇਸ਼ ਦੀ ਬਾਹਰੀ ਤੇ ਅੰਦਰੂਨੀ ਸੁਰੱਖਿਆ ’ਤੇ ਵੀ ਪ੍ਰਸ਼ਨ ਚਿੰਨ੍ਹ ਲੱਗਾ ਹੈ। ਉਨ੍ਹਾਂ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਉਸ ਨੂੰ ਤਾਨਾਸ਼ਾਹ ਕਰਾਰ ਦਿੱਤਾ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮਹਿੰਗਾਈ ਖ਼ਿਲਾਫ਼ ਤਖ਼ਤੀਆਂ ਲੈ ਕੇ ਰੋਸ ਮਾਰਚ ਵੀ ਕੀਤਾ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਰਵੀ ਸ਼ੰਕਰ, ਨਰੇਸ਼ ਭਾਟੀਆ, ਰਾਜਨ, ਅਬਦੁਲ ਨੂਰ, ਤ੍ਰਿਪਤਾ ਦੇਵੀ, ਜਗਵਿੰਦਰ, ਕਾਂਤਾ ਦੇਵੀ, ਗੁਰਪ੍ਰਤਾਪ ਹੈਪੀ ਤੇ ਹੋਰ ਹਾਜ਼ਰ ਸਨ।