ਗੁਰਬਖਸ਼ਪੁਰੀ
ਤਰਨ ਤਾਰਨ, 30 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਥਾਨਕ ਨਗਰ ਕੌਂਸਲ ਦੇ ਕਲਰਕ ਵਰਿੰਦਰਪਾਲ ਉਰਫ਼ ਵਿੱਕੀ ਨੂੰ ਇਲਾਕੇ ਦੇ ਪਿੰਡ ਵਲੀਪੁਰ ਦੇ ਵਾਸੀ ਸੁਖਦੇਵ ਸਿੰਘ ਤੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਸੀ ਕਿ ਉਸ ਦੇ ਹੋਟਲ ਵਿੱਚ ਬਿਜਲੀ ਦਾ ਮੀਟਰ ਲਗਾਉਣ ਲਈ ਇਤਰਾਜ਼ਹੀਣਤਾ ਸਰਟੀਫਿਕੇਟ (ਐੱਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਕਲਰਕ ਨੇ ਉਸ ਕੋਲੋਂ 33,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ| ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਸ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦੇ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ| ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।