ਬੇਅੰਤ ਸਿੰਘ ਸੰਧੂ
ਪੱਟੀ, 1 ਜੁਲਾਈ
ਇਲਾਕੇ ਦੇ ਪਿੰਡ ਚੂਸਲੇਵਾਲ ਵਾਸੀ ਅਤੇ ਕਾਂਗਰਸ ਪਾਰਟੀ ਨਾਲ ਸਬੰਧਤ ਮੌਜੂਦਾ ਬਲਾਕ ਸਮਿਤੀ ਮੈਂਬਰ ਹਰਜਿੰਦਰ ਸਿੰਘ ਦੇ ਪੁੱਤਰ ਮਲਕੀਤ ਸਿੰਘ ਨੂੰ ਕੁਝ ਅਣਪਛਾਤੇ ਲੋਕਾਂ ਵੱਲੋਂ ਦਿਨ ਦਿਹਾੜੇ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਪੱਟੀ ’ਚ ਦਾਖਲ ਕਰਵਾਇਆ ਗਿਆ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਭੱਜ ਗਏ ਹਨ।
ਜਾਣਕਾਰੀ ਦਿੰਦਿਆਂ ਜ਼ਖ਼ਮੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਸਵੇਰੇ ਮਲਕੀਤ ਸਿੰਘ ਪੱਟੀ ਮੋੜ ਚੌਕ ਤੋਂ ਆਪਣੇ ਘਰ ਪਿੰਡ ਚੂਸਲੇਵਾਲ ਨੂੰ ਗੱਡੀ ’ਤੇ ਆ ਰਿਹਾ ਤਾਂ ਕੁਝ ਅਣਪਛਾਤਿਆਂ ਵੱਲੋਂ ਉਸ ਦੀ ਗੱਡੀ ਅੱਗੇ ਮੋਟਸਾਈਕਲ ਲਗਾ ਕਿ ਉਸ ਨੂੰ ਰੋਕ ਲਿਆ ਗਿਆ ਅਤੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਜਿਸ ਦੌਰਾਨ ਇੱਕ ਗੋਲੀ ਉਸ ਦੇ ਪੱਟ ਵਿੱਚ ਲੱਗੀ ਤੇ ਦੂਜੀ ਸਿਰ ਦੇ ਨੇੜੇ ਵੱਜੀ। ਉਨ੍ਹਾਂ ਦੱਸਿਆ ਕਿ ਵਾਰਦਾਤ ਦੌਰਾਨ ਮੁਲਜ਼ਮਾਂ ਨੇ ਗੱਡੀ ਦੇ ਸ਼ੀਸ਼ੇ ਵੀ ਤੋੜ ਦਿੱਤੇ। ਜ਼ਖ਼ਮੀ ਨੌਜਵਾਨ ਦੇ ਪਰਿਵਾਰ ਵੱਲੋਂ ਇਸ ਘਟਨਾ ਸਬੰਧੀ ਥਾਣਾ ਸਦਰ ਪੱਟੀ ਦੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਡੀਐੱਸਪੀ ਪੱਟੀ ਸਤਨਾਮ ਸਿੰਘ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਦੀ ਸ਼ਨਾਖਤ ਅਤੇ ਗ੍ਰਿਫ਼ਤਾਰੀ ਲਈ ਸਥਾਨਕ ਪੁਲੀਸ ਦੀਆਂ ਤਿੰਨ ਟੀਮਾਂ ਬਣਾ ਕੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਇਸ ਘਟਨਾ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।