ਹਰਜੀਤ ਸਿੰਘ
ਬਟਾਲਾ, 8 ਨਵੰਬਰ
ਥਾਣਾ ਰੰਗੜ ਨੰਗਲ ਦੇ ਪਿੰਡ ਕਰਨਾਮਾ ਵਿੱਚ ਕਣਕ ਦੀ ਬਿਜਾਈ ਕਰਦੇ ਸਮੇਂ ਵਾਪਰੇ ਹਾਦਸੇ ਦੌਰਾਨ ਟਰੈਕਟਰ ਚਾਲਕ ਦੀ ਸੁਪਰ ਸੀਡਰ ਹੇਠਾਂ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਅਮਰਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਕਰਨਾਮਾ ਵਜੋਂ ਹੋਈ ਹੈ। ਪੁਲੀਸ ਨੇ ਟਰੈਕਟਰ ਮਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਅਰੰਭ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੰਗੜ ਨੰਗਲ ਦੇ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਗੁਰਪ੍ਰੀਤ ਕੌਰ ਪਤਨੀ ਅਮਰਜੀਤ ਸਿੰਘ ਵਾਸੀ ਪਿੰਡ ਕਰਨਾਮਾ ਨੇ ਦੱਸਿਆ ਕਿ ਉਸ ਦਾ ਪਤੀ ਅਮਰਜੀਤ ਸਿੰਘ ਆਪਣੇ ਪਿੰਡ ਦੇ ਹੀ ਕੁਲਵਿੰਦਰ ਸਿੰਘ ਨਾਲ ਟਰੈਕਟਰ ਚਾਲਕ ਵਜੋਂ ਕੰਮ ਕਰਦਾ ਸੀ। ਪਿਛਲੇ ਕੁੱਝ ਦਿਨਾਂ ਤੋਂ ਉਹ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਹੇ ਸਨ। ਉਸ ਨੇ ਦੱਸਿਆ ਕਿ ਲੰਘੀ ਸ਼ਾਮ ਨੂੰ ਉਸ ਦਾ ਪਤੀ ਪਿੰਡ ਦੇ ਹੀ ਇੱਕ ਕਿਸਾਨ ਦੇ ਖੇਤ ਵਿੱਚ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਸੀ ਤਾਂ ਚਾਹ-ਪਾਣੀ ਪੀਣ ਦਾ ਕਹਿ ਕੇ ਟਰੈਕਟਰ ਮਾਲਕ ਕੁਲਵਿੰਦਰ ਸਿੰਘ ਨੇ ਉਸ ਦੇ ਪਤੀ ਨੂੰ ਚਲਦੇ ਟਰੈਕਟਰ ਤੋਂ ਹੀ ਹੇਠਾਂ ਉਤਾਰ ਦਿੱਤਾ ਅਤੇ ਇਸ ਲਾਪਰਵਾਹੀ ਕਾਰਨ ਵਾਪਰੇ ਹਾਦਸੇ ਦੌਰਾਨ ਉਸ ਦੇ ਪਤੀ ਦੀ ਸੁਪਰ ਸੀਡਰ ਹੇਠਾਂ ਆਉਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਬਟਾਲਾ ਤੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ। ਮ੍ਰਿਤਕ ਦੀ ਪਤਨੀ ਗੁਰਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਟਰੈਕਟਰ ਮਾਲਕ ਖਿਲਾਫ਼ ਬਣਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਅਰੰਭ ਦਿੱਤੀ ਹੈ।