ਪੱਤਰ ਪ੍ਰੇਰਕ
ਤਰਨ ਤਾਰਨ, 1 ਮਈ
ਇਲਾਕੇ ਭਰ ਦੀਆਂ ਤਿੰਨ ਦਰਜਨ ਦੇ ਕਰੀਬ ਧਾਰਮਿਕ, ਸਮਾਜਿਕ ਆਦਿ ਜਥੇਬੰਦੀਆਂ ਨੇ ਸ਼ਹਿਰ ਦੇ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਵੱਲੋਂ ਸਕੂਲ ਦੀ ਵਿਦਿਆਰਥਣ ਨਾਲ ਵਿਆਹ ਕਰਵਾਉਣ ’ਤੇ ਇਤਰਾਜ਼ ਜਤਾਇਆ ਹੈ| ਜਥੇਬੰਦੀਆਂ ਨੇ ਸਕੂਲ ਦੇ ਸਾਰੇ ਜੈਂਟਸ ਸਟਾਫ਼ ਨੂੰ ਤਬਦੀਲ ਕੀਤੇ ਜਾਣ ਦੀ ਮੰਗ ਕੀਤੀ ਹੈ|
ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂ ਪਰਗਟ ਸਿੰਘ ਠਰੂ, ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ, ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਦੇ ਆਗੂ ਬਾਬਾ ਦਰਸ਼ਨ ਸਿੰਘ ਸਣੇ ਹੋਰਾਂ ਨੇ ਇਸ ਮਾਮਲੇ ਨੂੰ ਦਬਾਉਣ ਅਤੇ ਇਸ ਸਬੰਧੀ ਕੋਈ ਕਰਵਾਈ ਨਾ ਕਰਨ ਦੀ ਨਿਖੇਧੀ ਕੀਤੀ ਹੈ| ਜਥੇਬੰਦੀਆਂ ਨੇ ਸਕੂਲ ਵਿੱਚ ਮਹਿਲਾ ਸਟਾਫ਼ ਨਿਯੁਕਤ ਕੀਤੇ ਜਾਣ ਦੀ ਮੰਗ ਕੀਤੀ ਹੈ|
ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਹਰਭਗਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਇਸ ਘਟਨਾ ਸਬੰਧੀ ਸਕੂਲ ਦੇ ਪ੍ਰਿੰਸੀਪਲ ਨੂੰ ਉਨ੍ਹਾਂ ਦੇ ਦਫ਼ਤਰ ਨੂੰ ਲਿਖਤੀ ਜਾਣਕਾਰੀ ਦੇਣ ਲਈ ਕਿਹਾ ਸੀ ਜਿਸ ਦੀ ਉਨ੍ਹਾਂ ਪਾਲਣਾ ਨਹੀਂ ਕੀਤੀ ਹੈ|