ਪੱਤਰ ਪ੍ਰੇਰਕ
ਅਜਨਾਲਾ, 10 ਜੁਲਾਈ
ਸਮੱਗਰਾ ਸਿੱਖਿਆ ਅਭਿਆਨ ਅਤੇ ਮਿੱਡ ਡੇਅ ਮੀਲ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਬਲਾਕ ਅਜਨਾਲਾ ਦੇ ਸਮੱਗਰਾ ਕਰਮਚਾਰੀਆਂ ਵੱਲੋਂ ਕਲਮ ਛੋੜ ਹੜਤਾਲ ਜਾਰੀ ਰੱਖਦਿਆਂ ਅੱਜ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਅਜਨਾਲਾ ਗੁਰਦੇਵ ਸਿੰਘ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ। ਜ਼ਿਲ੍ਹਾ ਪੱਧਰੀ ਆਗੂ ਤਨਵੀਰ ਸਿੰਘ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਵੱਖ-ਵੱਖ ਸਰਕਾਰਾਂ ਨੇ ਉਨ੍ਹਾਂ ਨੂੰ ਪੱਕੇ ਨਹੀਂ ਕੀਤਾ ਜਦਕਿ ਇੰਨਾ ਸਮਾਂ ਬੀਤਣ ’ਤੇ ਵੀ ਰੈਗੂਲਰ ਕਰਨ ਦੀ ਬਜਾਏ ਤਨਖਾਹਾਂ ਵਿੱਚ ਵੀ ਕਟੌਤੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਦੱਸਿਆ ਕਿ ਤੁਰੰਤ ਸਮੱਗਰਾ ਸਿੱਖਿਆ ਅਭਿਆਨ ਵਿੱਚ ਕੰਮ ਕਰਦੇ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਸੂਬਾ ਮੀਡੀਆ ਇੰਚਾਰਜ ਗੁਰਿੰਦਰ ਸਿੰਘ ਘੁੱਕੇਵਾਲੀ, ਰਾਜਪਾਲ ਸਿੰਘ ਉੱਪਲ, ਬਲਜਿੰਦਰ ਕੌਰ, ਕੰਵਰਸਰਤਾਜ ਸਿੰਘ, ਮਨਜਿੰਦਰ ਸਿੰਘ, ਅਨਿਲ ਸ਼ਰਮਾ, ਨਵਪ੍ਰੀਤ ਸਿੰਘ, ਸ਼ੈਲੀ ਅਰੋੜਾ, ਵਿਕਰਮਜੀਤ ਸਿੰਘ ਆਦਿ ਹਾਜ਼ਰ ਸਨ।