ਤਰਨ ਤਾਰਨ (ਗੁਰਬਖਸ਼ਪੁਰੀ)
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਝੰਡੇ ਹੇਠ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵਲੋਂ ਇਥੋਂ ਦੇ ਗਾਂਧੀ ਮਿਉਂਸਪਲ ਪਾਰਕ ਵਿੱਚ ਰੈਲੀ ਕਰਕੇ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ| ਰੋਸ ਮਾਰਚ ਕਰਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਅੰਮ੍ਰਿਤਸਰ ਸੜਕ ਤੇ ਰੋਹੀ ਪੁਲ ’ਤੇ ਰਾਵਣ ਰੂਪੀ ਪੁਤਲਾ ਵੀ ਸਾੜਿਆ| ਜਥੇਬੰਦੀ ਦੇ ਸੂਬਾ ਆਗੂ ਗੁਰਵਿੰਦਰ ਸਿੰਘ ਬਾਠ, ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਦਬੁਰਜੀ, ਨਵਿੰਦਰ ਸਿੰਘ, ਦਿਲਬਾਗ ਸਿੰਘ ਕੰਗ ਸਮੇਤ ਹੋਰਨਾਂ ਆਗੂਆਂ ਨੇ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ| ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵਲੋਂ ਆਪਣੀਆਂ ਨਿਜੀਕਰਨ ਅਤੇ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਵਾਲੀਆਂ ਨੀਤੀਆਂ ’ਤੇ ਚਲਦਿਆਂ ਪਾਣੀ, ਸਿਹਤ, ਸਿੱਖਿਆ ਅਤੇ ਆਵਾਜਾਈ ਆਦਿ ਦੇ ਅਦਾਰੇ ਨਿੱਜੀ ਹੱਥਾਂ ਦੇ ਸਪੁਰਦ ਕੀਤੇ ਜਾ ਰਹੇ ਹਨ ਜਿਸ ਤਹਿਤ ਲੋਕਾਂ ਤੋਂ ਰੁਜ਼ਗਾਰ ਅਤੇ ਸਸਤੀਆਂ ਸਹੂਲਤਾਂ ਦਾ ਹੱਕ ਖੋਹਿਆ ਜਾ ਰਿਹਾ ਹੈ| ਆਗੂਆਂ ਕਿਹਾ ਕਿ ਸੰਘਰਸ਼ ਕਰਦੇ ਕਿਸਾਨਾਂ-ਮਜ਼ਦੂਰਾਂ ਤੇ ਮੁਲਾਜ਼ਮਾਂ ਆਦਿ ਤੇ ਐਸਮਾ/ਯੂਏਪੀਏ ਕਾਲੇ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ| ਬੁਲਾਰਿਆਂ ਸਾਰੇ ਵਿਭਾਗਾਂ ਦੇ ਠੇਕਾ ਅਧਾਰ ਤੇ ਕੰਮ ਕਰਦੇ ਮੁਲਾਜਮਾਂ ਦੀਆਂ ਸੇਵਾਵਾਂ ਨੂੰ ਤੁਰੰਤ ਸਮੇਂ ਤੋਂ ਰੈਗੂਲਰ ਕੀਤੇ ਜਾਣ ਸਮੇਤ ਉਨ੍ਹਾਂ ਦੀਆਂ ਹੋਰ ਮੰਗਾਂ ਨੂੰ ਮੰਨੇ ਜਾਣ ਦੀ ਮੰਗ ਕੀਤੀ।