ਪੱਤਰ ਪ੍ਰੇਰਕ
ਪਠਾਨਕੋਟ, 8 ਨਵੰਬਰ
ਪੀਡਬਲਿਊਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਜ਼ਿਲ੍ਹਾ ਪਠਾਨਕੋਟ ਵੱਲੋਂ ਸਤੀਸ਼ ਸ਼ਰਮਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖਿਲਾਫ ਛੇਵਾਂ ਤਨਖਾਹ ਕਮਿਸ਼ਨ ਅਤੇ ਡੀਏ ਦੀਆਂ ਬਕਾਇਆ ਕਿਸ਼ਤਾਂ ਦੀ ਮੰਗ ਲਈ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਕਰਨ ਵਾਲਿਆਂ ਵਿੱਚ ਮੋਹਨ ਸਿੰਘ, ਕੁਲਦੀਪ ਸ਼ਰਮਾ, ਪਵਨ ਕੁਮਾਰ, ਗੁਰਦੀਪ ਸੈਣੀ, ਸੁਰਿੰਦਰ ਸਿੰਘ, ਸੰਦੀਪ ਕੁਮਾਰ, ਸ਼ਮਸ਼ੇਰ ਸਿੰਘ, ਸੁਰਿੰਦਰ ਸੈਣੀ, ਦਲਜੀਤ ਸਿੰਘ, ਰਮੇਸ਼ ਕੁਮਾਰ, ਬਲਵੰਤ ਸਿੰਘ ਤੇ ਸੁਰੇਸ਼ ਕੁਮਾਰ ਸ਼ਾਮਲ ਸਨ। ਇਸ ਮੌਕੇ ਪ੍ਰਧਾਨ ਰਾਜਿੰਦਰ ਕਮਾਰ, ਰਵਿੰਦਰ ਕੁਮਾਰ ਦੁਨੇਰਾ ਅਤੇ ਰਾਜੇਸ਼ ਸੈਣੀ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਜਿਸ ਕਾਰਨ ਸਮੁੱਚੇ ਮੁਲਾਜ਼ਮਾਂ ਵਿੱਚ ਨਿਰਾਸ਼ਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੁਲਾਜ਼ਮਾਂ ਨੂੰ ਛੇਵਾਂ ਤਨਖਾਹ ਕਮਿਸ਼ਨ ਦਿੱਤਾ ਜਾਵੇ, ਡੀਏ ਦੀਆਂ ਬਕਾਇਆ ਕਿਸ਼ਤਾਂ ਜਲਦੀ ਦਿੱਤੀਆਂ ਜਾਣ, ਕੰਟਰੈਕਟ ਵਰਕਰਾਂ ਨੂੰ ਰੈਗੂਲਰ ਕੀਤਾ ਜਾਵੇ, ਠੇਕੇ ’ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਬਰਾਬਰ ਕੰਮ ਬਦਲੇ ਬਰਾਬਰ ਤਨਖਾਹ ਦਿੱਤੀ ਜਾਵੇ, ਖਾਲੀ ਪੋਸਟਾਂ ’ਤੇ ਰੈਗੂਲਰ ਭਰਤੀ ਕੀਤੀ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਅਤੇ ਜੋ ਮੁਲਾਜ਼ਮ ਪੁਰਾਣੀ ਪੈਨਸ਼ਨ ਵਿੱਚ ਆਏ ਹਨ, ਉਨ੍ਹਾਂ ਦੇ ਸੀਪੀਐਫ ਦਾ ਬਕਾਇਆ ਵਿਆਜ ਸਮੇਤ ਵਾਪਸ ਦਿੱਤਾ ਜਾਵੇ।