ਪੱਤਰ ਪ੍ਰੇਰਕ
ਤਰਨ ਤਾਰਨ, 11 ਜੂਨ
ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀਆਂ ਅੰਦੋਲਨ ਕਰਦੀਆਂ ਜਥੇਬੰਦੀਆਂ ਵੱਲੋਂ ਅੱਜ ਵੀ ਇੱਥੇ ਧਰਨੇ ਦਿੱਤੇ ਗਏ। ਅੰਦੋਲਨਕਾਰੀ ਜਥੇਬੰਦੀਆਂ ਨੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਧਾਰਨ ਕੀਤੇ ਅੜੀਅਲ ਵਤੀਰੇ ਦੀ ਨਿਖੇਧੀ ਕਰਦਿਆਂ ਨਿਆਂ ਲੈਣ ਤੱਕ ਸੰਘਰਸ਼ ਜਾਰੀ ਰੱਖਣ ਦੀ ਚਿਤਾਵਨੀ ਦਿੱਤੀ। ਸੇਵਾਵਾਂ ਤੋਂ ਹਟਾ ਦਿੱਤੇ 36 ਸਫ਼ਾਈ ਸੇਵਕਾਂ ਵੱਲੋਂ ਦਿੱਤੇ ਧਰਨੇ ਨੂੰ ਬਾਬਾ ਵਿਕਰਾਂਤ, ਦੀਪਕ, ਹੀਰਾ ਸਮੇਤ ਹੋਰਨਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਿਨਾਂ ਕੋਈ ਨੋਟਿਸ ਦਿੱਤਿਆਂ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰਕੇ ਪ੍ਰਸ਼ਾਸਨ ਨੇ ਅਣਮਨੁੱਖੀ ਕਾਰਾ ਕੀਤਾ ਹੈ, ਜਿਸ ਖ਼ਿਲਾਫ਼ ਉਹ ਆਖਰੀ ਸਾਹਾਂ ਤੱਕ ਲੜਦੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਬੀਤੇ 37 ਦਿਨਾਂ ਤੋਂ ਅੰਦੋਲਨ ਕਰਦੇ ਆ ਰਹੇ ਹਨ ਪਰ ਪ੍ਰਸ਼ਾਸਨ ਦੇ ਕੰਨਾਂ ਤੇ ਜੂੰਅ ਤੱਕ ਨਹੀਂ ਰੀਂਘ ਰਹੀ। ਇਸ ਦੇ ਨਾਲ ਸਫਾਈ ਸੇਵਕ ਯੂਨੀਅਨ ਵੱਲੋਂ ਦਿੱਤੇ ਧਰਨੇ ਨੂੰ ਜਥੇਬੰਦੀ ਦੇ ਸੂਬਾ ਆਗੂ ਰਮੇਸ਼ ਕੁਮਾਰ ਨੇ ਸੰਬੋਧਨ ਕਰਦਿਆਂ ਉਨ੍ਹਾਂ ਤਿੰਨ ਮਹੀਨਿਆਂ ਤੋਂ ਤਨਖਾਹਾਂ ਦਾ ਭੁਗਤਾਨ ਨਾ ਹੋਣ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਸਫਾਈ ਸੇਵਕਾਂ ਦੀਆਂ ਮੰਗਾਂ ਬਾਰੇ ਵਿਚਾਰ ਪੇਸ਼ ਕੀਤੇ|