ਗੁਰਬਖਸ਼ਪੁਰੀ
ਤਰਨ ਤਾਰਨ, 13 ਅਗਸਤ
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਸੂਬੇ ਅੰਦਰ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਹੋਣ ਦੀ ਘਟਨਾ ਸਬੰਧੀ ਅੱਜ ਇਥੋਂ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਧਰਨਾ ਦਿੱਤਾ ਗਿਆ| ਦਲ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਿਰਦੇਸ਼ਾਂ ਤੇ ਦਿੱਤੇ ਇਸ ਧਰਨੇ ਨੂੰ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਗਿੱਲ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਤੇ ਤਿੱਖੇ ਹਮਲੇ ਕਰਦਿਆਂ ਅਜਿਹੀਆਂ ਘਟਨਾਵਾਂ ਨਾਲ ਨਿਪਟਣ ਲਈ ਸਰਕਾਰ ਦੇ ਗੰਭੀਰ ਨਾ ਹੋਣ ਦਾ ਦੋਸ਼ ਲਗਾਇਆ|
ਬੁਲਾਰਿਆਂ ਪਟਿਆਲਾ ਜਿਲ੍ਹੇ ਦੇ ਪਿੰਡ ਕਲਿਆਣ ਸਥਿਤ ਗੁਰਦੁਆਰਾ ਸਾਹਿਬ ਅਰਦਾਸ ਪੁਰ ਵਿੱਚ ਵਾਪਰੀ ਘਟਨਾ ਵਿੱਚ ਪਾਵਨ ਸਰੂਪ ਚੁੱਕ ਕੇ ਲੈ ਜਾਣ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ|
ਉਨ੍ਹਾਂ ਵਰਤਮਾਨ ਸਰਕਾਰ ਵਲੋਂ ਬਰਗਾੜੀ ਕਾਂਡ ਦੇ ਦੋਸ਼ੀਆਂ ਨਾਲ ਨਿਪਟਣ ਲਈ ਕੈਪਟਨ ਸਰਕਾਰ ਵਲੋਂ ਕੀਤੀ ਜਾ ਰਹੀ ਬੇਲੋੜੀ ਦੇਰੀ ’ਤੇ ਵੀ ਚਿੰਤਾ ਜ਼ਾਹਰ ਕੀਤੀ| ਪਾਰਟੀ ਦੇ ਇਕ ਵਫ਼ਦ ਨੇ ਡੀਸੀ ਕੁਲਵੰਤ ਸਿੰਘ ਨੂੰ ਇਕ ਮੰਗ ਪੱਤਰ ਦਿੱਤਾ| ਇਸ ਮੌਕੇ ਭਾਈ ਬਲਵਿੰਦਰ ਸਿੰਘ ਵੇਈਂਪੂਈਂ, ਬਲਾਕ ਸੰਮਤੀ ਮੈਂਬਰ ਸਤਨਾਮ ਸਿੰਘ, ਬਲਜਿੰਦਰ ਸਿੰਘ ਵਲਟੋਹਾ, ਜਗਜੀਤ ਸਿੰਘ ਕਸ਼ਮੀਰ ਸਿੰਘ ਸੰਘਾ ਨੇ ਵੀ ਸੰਬੋਧਨ ਕੀਤਾ।