ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਸਤੰਬਰ
ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਦੇ ਧਰਨੇ ਦੇ ਦੂਜੇ ਦਿਨ ਮੰਗਲਵਾਰ ਨੂੰ ਵੀ ਓ.ਪੀ.ਡੀ. ਅਤੇ ਚੋਣਵੀਆਂ ਸਰਜਰੀਆਂ ਬੰਦ ਰਹਿਣ ਕਾਰਨ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਪ੍ਰੇਸ਼ਾਨੀ ਜਾਰੀ ਹੈ।
ਸਰਕਾਰੀ ਹਸਪਤਾਲ ਵਿਚ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਅੰਦੋਲਨਕਾਰੀਆਂ ਨੇ ਮੈਡੀਕਲ ਜਾਂਚ, ਮੀਟਿੰਗਾਂ ਅਤੇ ਹੋਰ ਪ੍ਰਸ਼ਾਸਨਿਕ ਕੰਮਾਂ ਦਾ ਵੀ ਬਾਈਕਾਟ ਕੀਤਾ। ਡਾਕਟਰਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਪੀਸੀਐਮਐਸ ਕਾਡਰ ਲਈ ਏਸੀਪੀ ਨੂੰ ਮੁੜ ਚਾਲੂ ਨਹੀਂ ਕਰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ। ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਦੇ ਪ੍ਰਧਾਨ ਡਾ. ਸੁਮਿਤਪਾਲ ਸਿੰਘ ਨੇ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਦੇ ਡਾਕਟਰ ਇਸ ਹੜਤਾਲ ਵਿੱਚ ਹਿੱਸਾ ਲੈ ਰਹੇ ਹਨ। ਸਰਕਾਰ ਦੇ ਰਵੱਈਏ ਤੋਂ ਹਰ ਕੋਈ ਪ੍ਰਭਾਵਿਤ ਹੈ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਨਾਲ ਐਸੋਸੀਏਸ਼ਨ ਦੀ ਮੀਟਿੰਗ ਬੁੱਧਵਾਰ ਨੂੰ ਹੋਣੀ ਹੈI ਜੇਕਰ ਮੀਟਿੰਗ ਦਾ ਕੋਈ ਨਤੀਜਾ ਨਾ ਨਿਕਲਿਆ ਤਾਂ ਐਸੋਸੀਏਸ਼ਨ ਓਪੀਡੀ ਦੇ ਬਾਈਕਾਟ ਦਾ ਸਮਾਂ ਰੋਜ਼ਾਨਾ ਤਿੰਨ ਘੰਟੇ ਤੋਂ ਵਧਾ ਕੇ ਪੂਰੇ ਦਿਨ ਕਰ ਦੇਵੇਗੀ।
ਜਲੰਧਰ (ਪੱਤਰ ਪ੍ਰੇਰਕ): ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਸੱਦੇੇ ’ਤੇ ਅੱਜ ਜ਼ਿਲ੍ਹੇ ਭਰ ਵਿੱਚ ਡਾਕਟਰਾਂ ਨੇ ਦੂਜੇ ਦਿਨ ਵੀ 11 ਵਜੇ ਤੱਕ ਹੜਤਾਲ ਕੀਤੀ ਜਿਸ ਕਾਰਨ ਮਰੀਜ਼ਾਂ ਨੂੰ ਪ੍ਰੇਸ਼ਾਨੀ ਝੱਲਣੀ ਪਈ। ਸਿਵਲ ਹਸਪਤਾਲ ਵਿੱਚ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੇ ਕਿਹਾ ਕਿ ਹਸਪਤਾਲਾਂ ਵਿੱਚ ਸਿਹਤ ਅਮਲੇ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਅੱਜ ਵੀ ਆਦਮਪੁਰ, ਕਠਾਰ, ਅਲਾਵਲਪੁਰ, ਨਕੋਦਰ, ਜਮਸ਼ੇਰ, ਜਡਿਆਲਾ, ਮਹਿਤਪੁਰ, ਨੂਰਮਹਿਲ ਸਮੇਤ ਹੋਰ ਥਾਂਵਾਂ’ਤੇ ਡਾਕਟਰਾਂ ਨੇ ਹੜਤਾਲ ਕੀਤੀ।
ਤਰਨ ਤਾਰਨ (ਪੱਤਰ ਪ੍ਰੇਰਕ): ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਅੱਜ ਦੂਜੇ ਦਿਨ ਵਿੱਚ ਦਾਖਲ ਹੋ ਗਈ। ਇਸ ਕਾਰਨ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਖੱਜਲ ਖੁਆਰੀ ਜਾਰੀ ਰਹੀ। ਇਸ ਦੇ ਐਨ ਉਲਟ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦਾਅਵਾ ਕੀਤਾ ਕਿ ਡਾਕਟਰਾਂ ਦੀ ਹੜਤਾਲ ਦੇ ਬਾਵਜੂਦ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਓਪੀਡੀ ਸੇਵਾਵਾਂ ਨਿਰਵਿਘਨ ਦਿੱਤੀਆਂ ਜਾ ਰਹੀਆਂ ਹਨ| ਹੜਤਾਲੀ ਡਾਕਟਰਾਂ ਨੇ ਪਹਿਲੇ ਅੱਧੇ ਦਿਨ ਓਪੀਡੀ ਠੱਪ ਕਰ ਕੇ ਤਰਨ ਤਾਰਨ ਦੇ ਸਿਵਲ ਹਸਪਤਾਲ ਕੰਪਲੈਕਸ ਅੰਦਰ ਧਰਨਾ ਦਿੱਤਾ ਅਤੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਧਾਰਨ ਕੀਤੇ ਉਦਾਸੀਨ ਵਤੀਰੇ ਦੀ ਨਿਖੇਧੀ ਕੀਤੀ|
ਫਗਵਾੜਾ (ਪੱਤਰ ਪ੍ਰੇਰਕ): ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਵੱਲੋਂ ਪੰਜਾਬ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ’ਚ 9 ਸਤੰਬਰ ਤੋਂ ਐਲਾਨੀ ਹੋਈ ਹੜਤਾਲ ਦੇ ਅੱਜ ਦੂਸਰੇ ਦਿਨ ਵੀ ਡਾਕਟਰਾਂ ਨੇ ਤਿੰਨ ਘੰਟੇ ਓਪੀਡੀ ਸੇਵਾਵਾਂ ਠੱਪ ਰੱਖੀਆਂ। ਇਸ ਮੌਕੇ ਮੈਡੀਕਲ ਅਫਸਰਾਂ ਨੇ ਸਰਕਾਰ ਪ੍ਰਤੀ ਆਪਣੀਆਂ ਮੰਗਾਂ ਪ੍ਰਤੀ ਮਰੀਜ਼ਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਸੁਰੱਖਿਆ ਦੇ ਮੁੱਦੇ ’ਤੇ ਮਹਿਲਾ ਡਾਕਟਰਾਂ ’ਚ ਕਾਫ਼ੀ ਰੋਸ ਦੇਖਣ ਨੂੰ ਮਿਲਿਆ।
ਅਜਨਾਲਾ (ਪੱਤਰ ਪ੍ਰੇਰਕ): ਸਥਾਨਕ ਸ਼ਹਿਰ ਦੇ ਸਿਵਲ ਹਸਪਤਾਲ ਅਜਨਾਲਾ ਦੇ ਸਮੂਹ ਡਾਕਟਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦੂਸਰੇ ਦਿਨ ਵੀ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਸਮੂਹ ਹਸਪਤਾਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਤਰੁੰਤ ਭਰੀਆਂ ਜਾਣ ਤੇ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਰਹਿੰਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ।