ਖੇਤਰੀ ਪ੍ਰਤੀਨਿਧ
ਬਟਾਲਾ, 24 ਫਰਵਰੀ
ਨੇੜਲੇ ਪਿੰਡ ਹਰਪੁਰਾ ਵਿਚ ਝਗੜੇ ਵਿੱਚ ਜ਼ਖਮੀ ਹੋਏ ਬਜ਼ੁਰਗ ਦੀ ਅੱਜ ਹਸਪਤਾਲ ਵਿੱਚ ਮੌਤ ਹੋਣ ਤੋਂ ਬਾਅਦ ਪੀੜਤ ਪਰਿਵਾਰ ਨੇ ਇਨਸਾਫ਼ ਲੈਣ ਲਈ ਲਾਸ਼ ਸੜਕ ’ਤੇ ਰੱਖ ਕੇ ਪੁਲੀਸ ਖ਼ਿਲਾਫ਼ ਧਰਨਾ ਲਾਇਆ। ਮ੍ਰਿਤਕ ਬਲਵਿੰਦਰ ਸਿੰਘ ਦੇ ਭਤੀਜੇ ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢੀ ਘਰ ਦੀਆਂ ਔਰਤਾਂ ’ਤੇ ਗ਼ਲਤ ਨਜ਼ਰ ਰੱਖਦੇ ਸਨ। ਰੋਕਣ ’ਤੇ ਸੋਮਵਾਰ ਨੂੰ ਉਨ੍ਹਾਂ ਆਪਣੇ ਸਾਥੀਆਂ ਸਣੇ ਬਲਵਿੰਦਰ ਸਿੰਘ ਨੂੰ ਜ਼ਖ਼ਮੀ ਕਰ ਦਿੱਤਾ। ਪੁਲੀਸ ਵੱਲੋਂ ਸਿਵਲ ਹਸਪਤਾਲ ਬਟਾਲਾ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਤੇ ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦਿਆਂ ਲਾਸ਼ ਕਾਦੀਆਂ ਚੁੰਗੀ ’ਤੇ ਸੜਕ ਉੱਪਰ ਰੱਖ ਕੇ ਪੁਲੀਸ ਖ਼ਿਲਾਫ਼ ਧਰਨਾ ਲਾਇਆ ਤੇ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ। ਪੁਲੀਸ ਵੱਲੋਂ ਸਮਝਾਉਣ ਦੇ ਬਾਅਦ ਧਰਨਾ ਸਮਾਪਤ ਕਰ ਦਿੱਤਾ। ਐਸਪੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਮਗਰੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।