ਗੁਰਬਖ਼ਸ਼ਪੁਰੀ
ਤਰਨ ਤਾਰਨ, 22 ਜੁਲਾਈ
ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਪੈਟਰਨ ’ਤੇ ਤਨਖਾਹਾਂ ਆਦਿ ਦੇਣ ਦੇ ਕੀਤੇ ਫ਼ੈਸਲੇ ਖ਼ਿਲਾਫ਼ ਮੁਲਾਜ਼ਮਾਂ ਵਲੋਂ ਅੱਜ ਇਥੇ ਸਰਕਾਰ ਦੇ ਵਾਅਦਿਆਂ ਸਬੰਧੀ ਇਕ ‘ਘੜਾ ਭੰਨ’ ਪ੍ਰਦਰਸ਼ਨ ਕੀਤਾ| ਪੰਜਾਬ ਤੇ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ’ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਦੋਬਲੀਆਂ ਦੀ ਅਗਵਾਈ ਵਿੱਚ ਕੀਤੇ ਪ੍ਰਦਰਸ਼ਨ ਵਿੱਚ ਸ਼ਾਮਲ ਮੁਲਾਜ਼ਮਾਂ ਨੂੰ ਸੰਬੋਧਨ ਕਰਦੇ ਹੋਏ ਬੁਲਾਰਿਆਂ ਨੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ, ਠੇਕੇਦਾਰੀ ਸਿਸਟਮ ਖਤਮ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੇ ਜਾਣ ਆਦਿ ਦੀ ਮੰਗ ਕੀਤੀ|
ਪਠਾਨਕੋਟ, (ਐੱਨਪੀ ਧਵਨ): ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀ ਮੰਗਾਂ ਦੀ ਅਣਦੇਖੀ ਦੇ ਵਿਰੋਧ ’ਚ ਕਨਵੀਨਰ ਰਾਜਿੰਦਰ ਧੀਮਾਨ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਮਟਕਾ ਤੋੜ ਪ੍ਰਦਰਸ਼ਨ ਕੀਤਾ ਗਿਆ। ਤਲਵਾੜਾ, (ਦੀਪਕ ਠਾਕੁਰ): ਪੰਜਾਬ ਤੇ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ ਮੁਲਾਜ਼ਮ ਸੰਗਠਨਾਂ ਵੱਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਤੇ ਵਾਅਦਾਖ਼ਿਲਾਫ਼ੀ ਦੇ ਪਾਪਾਂ ਦਾ ਘੜਾ ਭੰਨ ਰੋਸ ਪ੍ਰਦਰਸ਼ਨ ਕੀਤਾ।
ਮੁਲਾਜ਼ਮਾਂ ਵਲੋਂ ਤੀਜੇ ਦਿਨ ਸਰਕਲ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ
ਹੁਸ਼ਿਆਰਪੁਰ, (ਹਰਪ੍ਰੀਤ ਕੌਰ): ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਸਰਕਾਰ ਦੀ ਵਾਅਦਾਖਿਲਾਫ਼ੀ ਵਿਰੁੱਧ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਮੋੜਾ ਦੇਣ ਲਈ ਮਨਾਏ ਜਾ ਰਹੇ ਰੋਸ ਹਫ਼ਤੇ ਦੀ ਕੜੀ ਵਿੱਚ ਅੱਜ ਤੀਜੇ ਦਿਨ ਮੁਲਾਜ਼ਮਾਂ ਵਲੋਂ ਸਰਕਲ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਨੌਜਵਾਨ ਪੀੜ੍ਹੀ ਅੰਦਰ ਭਾਰੀ ਰੋਸ ਹੈ।