ਪੱਤਰ ਪ੍ਰੇਰਕ
ਤਰਨ ਤਾਰਨ, 28 ਮਈ
ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਇਥੋਂ ਦੇ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਵਿੱਚ ਕਹਾਣੀਕਾਰ ਸਿਮਰਨ ਧਾਲੀਵਾਲ ਦਾ ਰੂਬਰੂ ਸਮਾਗਮ ਕਰਵਾਇਆ ਗਿਆ, ਜੋ ਆਪਣੇ ਉਦੇਸ਼ ਦੀ ਪ੍ਰਾਪਤੀ ਅਤੇ ਸਰੋਤਿਆਂ ਦੀ ਭਰਪੂਰ ਦਿਲਚਸਪੀ ਸਦਕਾ ਯਾਦਗਾਰੀ ਹੋ ਨਬਿੜਿਆ। ਸਮਾਗਮ ਵਿੱਚ ਜਸਪ੍ਰੀਤ ਤਲਵਾੜ, ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਤੇ ਵੀਰਪਾਲ ਕੌਰ, ਸੰਯੁਕਤ ਡਾਇਰੈਕਟਰ, ਭਾਸ਼ਾ ਵਿਭਾਗ ਉਚੇਚੇ ਤੌਰ ’ਤੇ ਸ਼ਾਮਲ ਹੋਏ। ਮੰਚ ਸੰਚਾਲਨ ਕਰਦਿਆਂ ਜਗਮੀਤ ਸਿੰਘ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸਿਮਰਨ ਧਾਲੀਵਾਲ ਨੇ ਆਪਣੀ ਸਿਰਜਨ ਪ੍ਰਕਿਰਿਆ ਅਤੇ ਸਾਹਿਤਕਾਰ ਦੀ ਸਮਾਜ ਪ੍ਰਤੀ ਬਣਦੀ ਭੂਮਿਕਾ ਬਾਰੇ ਨਿੱਠ ਕੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਸ਼ੁਰੂਆਤੀ ਦੌਰ ਵਿੱਚ ਬਾਲ ਸਾਹਿਤ ਨਾਲ ਜੁੜੇ ਅਤੇ ਉਨ੍ਹਾਂ ਦੀਆਂ ਕਹਾਣੀਆਂ ਦੇ ਪਾਤਰ ਉਸ ਨੂੰ ਸਮਾਜ ਵਿੱਚੋਂ ਮਿਲਦੇ ਰਹੇ। ਸਮਾਗਮ ਦੇ ਮੁੱਖ ਮਹਿਮਾਨ ਸ਼ਾਇਰ ਤੇ ਜ਼ਿਲ੍ਹਾ ਭਾਸ਼ਾ ਅਧਿਕਾਰੀ, ਮੋਗਾ ਡਾ. ਅਜੀਤਪਾਲ ਨੇ ਸਿਮਰਨ ਧਾਲੀਵਾਲ ਦੀ ਸਾਹਿਤਕ ਸੂਝ ਅਤੇ ਉਨ੍ਹਾਂ ਦੀਆਂ ਕਹਾਣੀਆਂ ਦੇ ਕਲਾਤਮਿਕ ਪੱਖ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ।