ਪੱਤਰ ਪ੍ਰੇਰਕ
ਤਰਨ ਤਾਰਨ, 11 ਨਵੰਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਝੰਡੇ ਹੇਠ ਜ਼ਿਲ੍ਹੇ ਦੇ ਵੱਖ-ਵੱਖ ਪੰਜ ਥਾਵਾਂ ’ਤੇ ਕਿਸਾਨਾਂ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਪੁਤਲੇ ਸਾੜੇ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ ਨੇ ਦੱਸਿਆ ਕਿ ਕਿਸਾਨਾਂ ਨੇ ਪਿੰਡ ਮਾਨੋਚਾਹਲ ਕਲਾਂ, ਢੋਟੀਆਂ, ਗੋਹਲਵੜ, ਭਿੱਖੀਵਿੰਡ ਅਤੇ ਟਾਂਡਾ ਵਿੱਚ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਕਿਸਾਨਾਂ ਖਿਲਾਫ਼ ਗੈਰ-ਜ਼ਿੰਮੇਵਾਰੀ ਵਾਲੀ ਭਾਸ਼ਾ ਦੀ ਵਰਤੋਂ ਕਰਨ ਦੀ ਨਿਖੇਧੀ ਕੀਤੀ| ਇਸ ਮੌਕੇ ਹਰਪ੍ਰੀਤ ਸਿੰਘ ਸਿੱਧਵਾਂ, ਹਰਜਿੰਦਰ ਸਿੰਘ ਸ਼ਕਰੀ ਤੇ ਨਵਤੇਜ ਸਿੰਘ ਏਕਲਗੱਡਾ ਨੇ ਸੰਬੋਧਨ ਕੀਤਾ| ਬੁਲਾਰਿਆਂ ਕੇਂਦਰੀ ਮੰਤਰੀ ਨੂੰ ਰਾਜਨੀਤੀਵਾਨਾਂ ਦੀਆਂ ਜਾਇਦਾਦਾਂ ਦੀ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ|
ਗੁਰਦਾਸਪੁਰ (ਪੱਤਰ ਪ੍ਰੇਰਕ): ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਿਸਾਨਾਂ ਬਾਰੇ ਬਿਆਨ ਉੱਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਇਤਰਾਜ਼ ਕਰਦਿਆਂ ਦੋਰਾਂਗਲਾ ਵਿੱਚ ਮੋਦੀ ਸਰਕਾਰ ਅਤੇ ਭਾਜਪਾ ਦਾ ਪੁਤਲਾ ਫੂਕਿਆ ਤੇ ਪ੍ਰਦਰਸ਼ਨ ਕੀਤਾ। ਸੰਘਰਸ਼ ਕਮੇਟੀ ਦੇ ਆਗੂਆਂ ਸੁਖਦੇਵ ਸਿੰਘ ਅੱਲੜਪਿੰਡੀ, ਸੁਖਵਿੰਦਰ ਸਿੰਘ, ਸੁਖਜਿੰਦਰ ਸਿੰਘ ਬਾਜਵਾ, ਜਤਿੰਦਰ ਸਿੰਘ ਚੀਮਾ ਅਤੇ ਬੀਬੀ ਸੁਖਵਿੰਦਰ ਕੌਰ ਨੇ ਮੰਗ ਕੀਤੀ ਕਿ ਜਾਂਚ ਦਾ ਘੇਰਾ ਪਿਛਲੇ 77 ਸਾਲਾਂ ਤੋਂ ਹੁਣ ਤੱਕ ਕੇਂਦਰ ਤੇ ਸੂੂਬਿਆਂ ਵਿੱਚ ਰਹੀਆਂ ਸਰਕਾਰਾਂ ਤੇ ਸੰਸਦ ਮੈਂਬਰਾਂ, ਵਿਧਾਇਕਾਂ, ਸੇਵਾਮੁਕਤ ਤੇ ਮੌਜੂਦਾ ਅਫ਼ਸਰਸ਼ਾਹੀ ਤੇ 110 ਕਾਰਪੋਰੇਟ ਘਰਾਣਿਆਂ ਤੱਕ ਵਧਾਇਆ ਜਾਵੇ ਤੇ ਇਹ ਜਾਂਚ ਸੁਪਰੀਮ ਕੋਰਟ ਦੇ ਕਿਸੇ ਜੱਜ ਅਧੀਨ ਨਿਰਪੱਖ ਕਮੇਟੀ ਬਣਾ ਕੇ ਕਰਵਾਈ ਜਾਵੇ।
ਕਾਹਨੂੰਵਾਨ (ਪੱਤਰ ਪ੍ਰੇਰਕ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸਠਿਆਲੀ ਪੁਲ ’ਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਪੁਤਲਾ ਫੂਕਿਆ ਗਿਆ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਨੂੰ ਤਾਲਿਬਾਨ ਦਹਿਸ਼ਤਗਰਦ ਕਹਿਣਾ ਨਾ-ਬਰਦਾਸ਼ਤ ਯੋਗ ਹੈ।