ਪੱਤਰ ਪ੍ਰੇਰਕ
ਤਰਨ ਤਾਰਨ, 12 ਅਕਤੂਬਰ
ਕਿਰਤੀ ਕਿਸਾਨ ਯੂਨੀਅਨ ਵੱਲੋਂ ਇਲਾਕੇ ਦੇ ਪਿੰਡ ਕਲੇਰ ਵਿੱਚ ਇਕ ਮੀਟਿੰਗ ਕਰਕੇ ਕਿਸਾਨਾਂ ਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਜਥੇਬੰਦੀ ਦੀ ਪਿੰਡ ਇਕਾਈ ਦੀ 11 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ| ਜਥੇਬੰਦੀ ਦੇ ਜ਼ਿਲ੍ਹਾ ਕਨਵੀਨਰ ਮਾਸਟਰ ਨਛੱਤਰ ਸਿੰਘ ਦੀ ਅਗਵਾਈ ਵਿੱਚ ਕੀਤੀ ਇਸ ਮੀਟਿੰਗ ਨੂੰ ਹੋਰਾਂ ਤੋਂ ਇਲਾਵਾ ਜਥੇਬੰਦੀ ਦੇ ਆਗੂ ਬਲਵਿੰਦਰ ਸਿੰਘ ਸਖੀਰਾ, ਸੁਖਚੈਨ ਸਿੰਘ ਸਰਹਾਲੀ ਖੁਰਦ, ਕਰਮਜੀਤ ਸਿੰਘ ਕਲੇਰ ਨੇ ਸੰਬੋਧਨ ਕਰਦਿਆਂ ਜ਼ਿਲ੍ਹੇ ਦੇ ਪਸ਼ੂ ਪਾਲਕਾਂ ਦੀਆਂ ਲੰਪੀ ਸਕਿਨ ਨਾਲ 900 ਦੇ ਕਰੀਬ ਗਊਆਂ ਦੇ ਮਾਰੇ ਜਾਣ ਦਾ ਅੱਜ ਤੱਕ ਇਕ ਵੀ ਪਸ਼ੂ ਪਾਲਕ ਨੂੰ ਮੁਆਵਜ਼ਾ ਨਾ ਦੇਣ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਇਸ ਤੋਂ ਪਹਿਲਾਂ ਸਰਕਾਰ ਵਲੋਂ ਬਾਰਸ਼ਾਂ ਨਾਲ ਬਰਬਾਦ ਹੋਈਆਂ ਫਸਲਾਂ ਦਾ ਵੀ ਮੁਆਵਜ਼ਾ ਨਹੀਂ ਦਿੱਤਾ ਗਿਆ| ਬੁਲਾਰਿਆਂ ਨੇ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਕਿਸਾਨ ਵਿਰੋਧੀ ਨੀਤੀਆਂ ਅਖਤਿਆਰ ਕਰਨ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ|
ਕਿਸਾਨ ਯੂਨੀਅਨ ਉਗਰਾਹਾਂ ਦੀ ਮੀਟਿੰਗ
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਅਤੇ ਬਲਾਕ ਪ੍ਰਧਾਨ ਪਿਆਰਾ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪਾਰਟੀ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ ਕਰ ਰਹੇ ਆਵਾਰਾ ਪਸ਼ੂਆਂ ਨੂੰ ਨੱਥ ਪਾਈ ਜਾਵੇ, ਲੰਪੀ ਸਕਿਨ ਬਿਮਾਰੀ ਕਾਰਨ ਮਰੀਆਂ ਗਊਆਂ ਦਾ ਮੁਆਵਜ਼ਾ ਦਿੱਤਾ ਜਾਵੇ, ਮੀਂਹ ਕਾਰਨ ਆਲੂਆਂ ਤੇ ਮਟਰਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ, ਝੋਨੇ ਦੀ ਬਿਮਾਰੀ ਕਾਰਨ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ, ਗੰਨਾ ਮਿੱਲਾਂ ਨੂੰ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਚਾਲੂ ਕੀਤਾ ਜਾਵੇ। ਮੀਟਿੰਗ ਦੌਰਾਨ ਯੂਨੀਅਨ ਉਗਰਾਹਾਂ ਵਲੋਂ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਕੋਠੀ ਅੱਗੇ ਲੱਗੇ ਮੋਰਚੇ ਵਿਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਵੀ ਫ਼ੈਸਲਾ ਲਿਆ ਗਿਆ।