ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 8 ਜੂਨ
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਲਈ ਜਾਰੀ ਕੀਤੇ ਗਏ 10 ਜੂਨ ਦੇ ਹੁਕਮਾਂ ਨੂੰ ਛਿੱਕੇ ਟੰਗਦਿਆਂ ਬਲਾਕ ਜੰਡਿਆਲਾ ਗੁਰੂ ਦੇ ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਸ਼ੁਰੂ ਕਰ ਦਿੱਤੀ ਗਈ ਹੈ।
ਵਰਣਨਯੋਗ ਹੈ ਕਿ ਪੰਜਾਬ ਵਿੱਚ ਹੁੰਦੀ ਵੱਡੇ ਪੱਧਰ ’ਤੇ ਝੋਨੇ ਦੀ ਬਿਜਾਈ ਲਈ ਵੱਡੀ ਮਾਤਰਾ ਵਿੱਚ ਪਾਣੀ ਦੀ ਜ਼ਰੂਰਤ ਪੈਂਦੀ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਤੋਂ ਬਚਾਉਣ ਲਈ ਝੋਨਾ ਬੀਜਣ ਲਈ 10 ਜੂਨ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ ਕਿਉਂਕਿ ਉਸ ਵੇਲੇ ਮੌਨਸੂਨ ਵੀ ਆ ਜਾਂਦੀ ਹੈ ਅਤੇ ਝੋਨੇ ਦੀ ਲਵਾਈ ਲਈ ਮੀਂਹ ਦੇ ਪਾਣੀ ਦੀ ਵਰਤੋਂ ਕੀਤੀ ਜਾ ਸਕਦੀ ਹੈ ਪਰ ਇਸ ਸਭ ਦੇ ਬਾਵਜੂਦ ਸਰਕਾਰੀ ਹੁਕਮਾਂ ਨੂੰ ਛਿੱਕੇ ਟੰਗਦੇ ਹੋਏ ਜੰਡਿਆਲਾ ਗੁਰੂ ਦੇ ਨੇੜਲੇ ਪਿੰਡਾਂ ਦੇ ਕਿਸਾਨਾਂ ਨੇ ਝੋਨੇ ਦੀ ਲਵਾਈ 10 ਜੂਨ ਤੋਂ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਬਾਰੇ ਜਾਣਕਾਰੀ ਨਹੀਂ: ਖੇਤੀਬਾੜੀ ਅਫ਼ਸਰ
ਚੀਫ਼ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਕੁਲਜੀਤ ਸਿੰਘ ਸੈਣੀ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ ਪਰ ਇਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਸਮੇਂ-ਸਮੇਂ ’ਤੇ ਕੈਂਪ ਲਗਾਉਂਦਾ ਰਹਿੰਦਾ ਹੈ ਪਰ ਫਿਰ ਵੀ ਕੁਝ ਕਿਸਾਨ ਸਰਕਾਰੀ ਆਦੇਸ਼ ਨਹੀਂ ਮੰਨਦੇ। ਡਾ. ਸੈਣੀ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਲਈ ਬਲਾਕ ਅਫ਼ਸਰ ਨੂੰ ਕਹਿਣਗੇ।