ਦਿਲਬਾਗ ਸਿੰਘ ਗਿੱਲ
ਅਟਾਰੀ, 10 ਫਰਵਰੀ
ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦਾ 175ਵਾਂ ਸ਼ਹੀਦੀ ਦਿਹਾੜਾ ਉਨਾਂ ਦੀ ਅਟਾਰੀ ਸਥਿਤ ਸਮਾਧ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮ ਮੌਕੇ ਸ੍ਰੀ ਤਰਸੇਮ ਸਿੰਘ ਡੀਸੀ ਹਲਕਾ ਵਿਧਾਇਕ ਅਟਾਰੀ, ਡਿਪਟੀ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਖਹਿਰਾ, ਕਰਨਲ ਹਰਿੰਦਰ ਸਿੰਘ ਅਟਾਰੀ, ਕਰਨਲ ਕੁਲਦੀਪ ਸਿੰਘ ਅਤੇ ਹੋਰ ਸਖਸ਼ੀਅਤਾਂ ਨੇ ਸ਼ਹੀਦ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦੀ ਤਸਵੀਰ ’ਤੇ ਫੁੱਲ ਮਲਾਵਾਂ ਚੜ੍ਹਾ ਕੇ ਸ਼ਰਧਾਂਜ਼ਲੀਆਂ ਭੇਟ ਕੀਤੀਆਂ। ਇਸ ਮੌਕੇ ਜਵਾਨਾਂ ਵੱਲੋਂ ਹਥਿਆਰ ਉਲਟੇ ਕਰਕੇ ਜਰਨਲ ਅਟਾਰੀਵਾਲਾ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਭਾਰਤੀ ਫੌਜ ਵੱਲੋਂ 15 ਇੰਨਫੈਂਟਰੀ ਡਵੀਜ਼ਨ ਅਤੇ 9 ਪੰਜਾਬ ਦੇ ਅਧਿਕਾਰੀਆਂ ਵੱਲੋਂ ਵੀ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਨੂੰ ਫੁੱਲ ਮਲਾਵਾਂ ਭੇਟ ਕਰਕੇ ਯਾਦ ਕੀਤਾ ਗਿਆ।
ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਨੇ 18 ਸਾਲ ਦੀ ਉਮਰ ਵਿੱਚ ਯੁੱਧਾਂ ਵਿੱਚ ਭਾਗ ਲੈਣਾ ਸ਼ੁਰੂ ਕਰ ਦਿੱਤਾ ਸੀ ਅਤੇ ਆਪਣੀ ਉਮਰ ਦੇ ਆਖਰੀ ਪੜਾਅ ਵਿੱਚ ਵੀ ਸਿੱਟਿਆਂ ਦੇ ਅੰਜਾਮ ਦੀ ਪਰਵਾਹ ਕੀਤੇ ਬਿਨਾਂ ਖੁਦ ਆਖਰੀ ਹਮਲੇ ਦੀ ਅਗਵਾਈ ਕੀਤੀ ਅਤੇ ਆਖਰੀ ਸਾਹ ਤੱਕ ਲੜਦੇ ਰਹੇ। ਇਸ ਮੌਕੇ ਟਰੱਸਟ ਦੇ ਸਕੱਤਰ ਹਰਪ੍ਰੀਤ ਸਿੰਘ, ਸ. ਜਸਵੰਤ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।