ਰਣਬੀਰ ਸਿੰਘ ਮਿੰਟੂ
ਚੇਤਨਪੁਰਾ, 20 ਸਤੰਬਰ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ 12.5 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ਤੋਂ ਵਾਇਆ ਚੇਤਨਪੁਰਾ-ਸੋਹੀਆ-ਫਤਿਹਗੜ੍ਹ ਚੂੜੀਆਂ ਤੋਂ ਰਮਦਾਸ-ਬਾਬਾ ਬੁੱਢਾ ਸਾਹਿਬ- ਡੇਰਾ ਬਾਬਾ ਨਾਨਕ ਅਤੇ ਸ੍ਰੀ ਕਰਤਾਰਪੁਰ ਸਾਹਿਬ ਨੂੰ ਜਾਂਦੀ ਸੜਕ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ 15 ਸਾਲਾਂ ਤੋਂ ਕਿਸੇ ਵੀ ਸਰਕਾਰ ਨੇ ਅਜਨਾਲਾ ਹਲਕੇ ਦੀ ਕੋਈ ਸਾਰ ਨਹੀਂ ਲਈ ਪਰ ਹੁਣ ਇਲਾਕੇ ਦਾ ਚਹੁੰਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ ਅਤੇ ਕੋਈ ਵੀ ਸੜਕ ਵਿਕਾਸ ਪੱਖੋਂ ਸੱਖਣੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸੜਕ 33 ਫੁੱਟ ਚੌੜੀ ਹੋਵੇਗੀ।
ਕੈਬਨਿਟ ਮੰਤਰੀ ਸ੍ਰੀ ਧਾਲੀਵਾਲ ਨੇ ਦੱਸਿਆ ਕਿ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਆਉਂਦੇ ਹਨ ਅਤੇ ਇਸ ਤੋਂ ਬਾਅਦ ਬਾਬਾ ਬੁੱਢਾ ਸਾਹਿਬ ਦੇ ਸਥਾਨ ਦੇ ਦਰਸ਼ਨ ਅਤੇ ਡੇਰਾ ਬਾਬਾ ਨਾਨਕ ਵਿਖੇ ਹੁੰਦੇ ਹੋਏ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਂਦੇ ਹਨ। ਉਨ੍ਹਾਂ ਦੱਸਿਆ ਦੱਸਿਆ ਕਿ 2.75 ਕਰੋੜ ਰੁਪਏ ਦੀ ਲਾਗਤ ਨਾਲ ਬਾਬਾ ਬੁੱਢਾ ਸਾਹਿਬ ਨੂੰ ਜਾਣ ਵਾਲੇ ਰਸਤਿਆਂ ’ਤੇ ਗੇਟ ਉਸਾਰੇ ਜਾਣਗੇ।