ਕੇ.ਪੀ ਸਿੰਘ
ਗੁਰਦਾਸਪੁਰ, 1 ਅਕਤੂਬਰ
ਥਾਣਾ ਕਾਹਨੂੰਵਾਨ ਦੀ ਪੁਲੀਸ ਨੇ ਕਰੀਬ ਸਾਢੇ ਤਿੰਨ ਸਾਲ ਤੋਂ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਗਏ ਇੱਕ ਭਗੌੜੇ ਨੂੰ ਦਿੱਲੀ ਹਵਾਈ ਅੱਡੇ ਤੋਂ ਕਾਬੂ ਕੀਤਾ ਹੈ।
ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ 20 ਮਈ 2018 ਥਾਣਾ ਕਾਹਨੂੰਵਾਨ ਵਿੱਚ ਸਿੱਖਿਆ ਵਿਭਾਗ ਤੋਂ ਸੇਵਾਮੁਕਤ ਹੋਏ ਟਾਂਡਾ ਮੁਹੱਲਾ, ਕਾਹਨੂੰਵਾਨ ਦੇ ਵਾਸੀ ਈਸ਼ਰ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਵਿੱਚ ਪੀੜਤ ਨੇ ਦੱਸਿਆ ਸੀ ਕਿ ਉਹ ਆਪਣੀ ਪਤਨੀ ਦੇ ਪਥਰੀ ਦੇ ਅਪਰੇਸ਼ਨ ਲਈ ਦੀਨਾਨਗਰ ਗਿਆ ਹੋਇਆ ਸੀ ਤਾਂ ਪਿੱਛੋਂ ਉਸ ਦੇ ਘਰ ਵਿੱਚ ਵੜ ਕੇ ਕਿਸੇ ਚੋਰ ਨੇ ਗਹਿਣੇ, ਨਗਦੀ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਹੈ। ਬਾਅਦ ਵਿੱਚ ਪੁਲੀਸ ਵੱਲੋਂ ਪੜਤਾਲ ਦੌਰਾਨ ਇਹ ਸਾਹਮਣੇ ਆਇਆ ਕਿ ਚੋਰੀ ਟਾਂਡਾ ਮੁਹੱਲਾ, ਕਾਹਨੂੰਵਾਨ ਦੇ ਹੀ ਰਹਿਣ ਵਾਲੇ ਰਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵੱਲੋਂ ਕੀਤੀ ਗਈ ਸੀ ਪਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਰਵਿੰਦਰ ਸਿੰਘ ਪੁਲੀਸ ਦੇ ਹੱਥ ਨਹੀਂ ਲੱਗਿਆ ਅਤੇ ਮਲੇਸ਼ੀਆ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ।
ਬਾਅਦ ਵਿਚ ਪੁਲੀਸ ਵੱਲੋਂ ਜਦੋਂ ਕੇਸ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਅਦਾਲਤ ਵੱਲੋਂ 7 ਮਈ 2019 ਨੂੰ ਉਸ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਸੀ। ਬੀਤੇ ਦਿਨ ਜਦੋਂ ਪੁਲੀਸ ਨੂੰ ਸੂਚਨਾ ਮਿਲੀ ਕਿ ਰਵਿੰਦਰ ਸਿੰਘ ਮਲੇਸ਼ੀਆ ਤੋਂ ਵਾਪਸ ਆਇਆ ਤਾਂ ਉਸ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।