ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਜੂਨ
ਸੈਂਟਰ ਫਾਰ ਵਰਲਡ ਯੂਨੀਵਰਸਿਟੀ ਰੈਂਕਿੰਗ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਜਿਥੇ ਦੇਸ਼ ਦੀਆਂ 10 ਸਟੇਟ ਪਬਲਿਕ ਯੂਨੀਵਰਸਿਟੀਆਂ ਵਿਚ ਸ਼ਾਮਲ ਕੀਤਾ ਹੈ ਊਥੇ ਵਿਸ਼ਵ ਦੀਆਂ ਉੱਚ ਕੋਟੀ ਦੀਆਂ 9 ਫ਼ੀਸਦ ਯੂਨੀਵਰਸਿਟੀਆਂ ਵਿਚ ਵੀ ਥਾਂ ਦਿੱਤੀ ਹੈ। ਇਹ ਦਾਅਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕੀਤਾ ਗਿਆ ਹੈ। ਇਸੇ ਦੌਰਾਨ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪੋਖਿਰਆਲ ਨਿਸ਼ੰਕ ਵੱਲੋਂ ਨੈਸ਼ਨਲ ਇੰਸਟੀਚਿਊਟ ਰੈਂਕਿੰਗ ਫਰੇਮਵਰਕ (ਐਨ.ਆਈ.ਆਰ.ਐਫ.)-2020 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਵਿਚੋਂ 51 ਸਥਾਨ ਪ੍ਰਾਪਤ ਹੋਣ ’ਤੇ ਸੂਬੇ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਯੂਨੀਵਰਸਿਟੀ ਰਾਜ ਸਰਕਾਰ ਵੱਲੋਂ ਫੰਡ ਪ੍ਰਾਪਤ ਕਰਨ ਵਾਲੀਆਂ ਯੂਨੀਵਰਸਿਟੀਆਂ ਵਿਚੋਂ 18ਵੇਂ ਨੰਬਰ ’ਤੇ ਆ ਗਈ ਹੈ।