ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 6 ਅਕਤੂਬਰ
ਮੂਸੇਵਾਲਾ ਕਤਲ ਕੇਸ ਨਾਲ ਸਬੰਧਿਤ ਹਵਾਲਾਤੀਆਂ ਨੂੰ ਜੇਲ੍ਹ ਵਿੱਚ ਵੀਆਈਪੀ ਸਹੂਲਤਾਂ ਮਿਲਣ ਕਾਰਨ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਚਰਚਾਵਾਂ ਵਿੱਚ ਚੱਲ ਰਹੀ ਹੈ। ਪਿਛਲੇ ਦਿਨੀ ਮੂਸੇਵਾਲਾ ਕਤਲ ਕੇਸ ਨਾਲ ਜੁੜੇ ਖਤਰਨਾਕ ਕੈਦੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਣ ਤੋਂ ਬਾਅਦ ਅਖਬਾਰਾਂ ਦੀਆਂ ਸੁਰਖੀਆਂ ਬਣੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਮੁੜ ਵਿਵਾਦਾਂ ’ਚ ਦਿਖਾਈ ਦੇ ਰਹੀ ਹੈ। ਜਿਸ ਦੇ ਚੱਲਦਿਆਂ ਜੇਲ੍ਹ ਵਿੱਚ ਬੰਦ ਖਤਰਨਾਕ ਕੈਦੀਆਂ ਕੋਲੋਂ ਲਗਾਤਾਰ ਮੋਬਾਈਲ ਫੋਨ ਬਰਾਮਦ ਹੋਣ ਦਾ ਸਿਲਸਿਲਾ ਬਾਦਸਤੂਰ ਜਾਰੀ ਹੈ। ਗੋਇੰਦਵਾਲ ਸਾਹਿਬ ਦੀ ਜੇਲ੍ਹ ਵਿੱਚ ਮੂਸੇਵਾਲਾ ਕਤਲ ਕਾਂਡ ਨਾਲ ਜੁੜੇ ਦਰਜਨ ਦੇ ਕਰੀਬ ਖਤਰਨਾਕ ਕੈਦੀਆਂ ਨੂੰ ਕਥਿਤ ਤੌਰ ’ਤੇ ਜੇਲ੍ਹ ਵਿੱਚ ਜਿੱਥੇ ਵੀਆਈਪੀ ਸਹੂਲਤਾਂ ਮਿਲ ਰਹੀਆਂ ਹਨ, ਉੱਥੇ ਹੀ ਇਨ੍ਹਾਂ ਖਤਰਨਾਕ ਕੈਦੀਆਂ ਕੋਲੋਂ ਮੋਬਾਈਲ ਫੋਨ ਮਿਲਣਾ ਜੇਲ੍ਹ ਪ੍ਰਸ਼ਾਸਨ ’ਤੇ ਸਵਾਲੀਆ ਚਿੰਨ੍ਹ ਖੜ੍ਹਾ ਕਰ ਰਿਹਾ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜੇਲ੍ਹ ਵਿੱਚ ਕੈਦੀਆਂ ਨੂੰ ਵੀਆਈਪੀ ਸਹੂਲਤਾਂ ਦੇ ਨਾਲ ਮੋਬਾਈਲ ਫੋਨ ਅਤੇ ਕਈ ਤਰ੍ਹਾਂ ਦੇ ਮਹਿੰਗੇ ਨਸ਼ੇ ਉਪਲੱਬਧ ਕਰਵਾਉਣ ਲਈ ਲੱਖਾਂ ਰੁਪਏ ਦੀ ਕਥਿਤ ਰਕਮ ਲੈਣ ਦੇ ਚੱਲਦਿਆਂ ਜੇਲ੍ਹ ਵਿੱਚੋਂ ਹਵਾਲਾਤੀਆਂ ਕੋਲੋਂ ਨਸ਼ੇ ਅਤੇ ਮੋਬਾਈਲ ਫੋਨ ਬਰਾਮਦ ਹੋਣਾ ਲਗਾਤਾਰ ਜਾਰੀ ਹੈ। ਇਸ ਬਾਬਤ ਜੇਲ੍ਹ ਸੁਪਰਡੈਂਟ ਲਲਿਤ ਕੁਮਾਰ ਕੋਹਲੀ ਨੇ ਆਖਿਆ ਕਿ ਜੇਲ੍ਹ ਪ੍ਰਸ਼ਾਸਨ ਪੂਰੀ ਇਮਾਨਦਾਰੀ ਤੇ ਸਖਤੀ ਨਾਲ ਆਪਣਾ ਕੰਮ ਕਰ ਰਿਹਾ ਹੈ ਜਿਸ ਦੇ ਚੱਲਦਿਆਂ ਕੈਦੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਕੀਤੇ ਜਾ ਰਹੇ ਹਨ। ਐੱਸਐੱਚਓ ਰਾਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਜੇਲ੍ਹ ਵਿੱਚੋਂ ਕੈਦੀਆਂ ਕੋਲੋਂ ਕੁੱਲ ਚਾਰ ਮੋਬਾਈਲ ਫੋਨ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹ ਦੇ ਡਿਪਟੀ ਸੁਪਰਡੈਂਟ ਦੇ ਬਿਆਨਾਂ ’ਤੇ ਕੈਦੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਗੰਭੀਰ ਮਾਮਲੇ ’ਤੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਜਾਣੂ ਕਰਵਾਉਣ ਦੇ ਬਾਵਜੂਦ ਉਨ੍ਹਾਂ ਕੋਈ ਪ੍ਰਤੀਕਰਮ ਦੇਣਾ ਮੁਨਾਸਬਿ ਨਹੀਂ ਸਮਝਿਆ।