ਦਲਬੀਰ ਸੱਖੋਵਾਲੀਆ
ਬਟਾਲਾ, 27 ਸਤੰਬਰ
ਸੂਬੇ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਬਟਾਲਾ ਸ਼ਹਿਰ ਦੇ ਇਸ ਇਲਾਕੇ ਵਿੱਚ ਸੀਵਰੇਜ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਾ ਦਿੱਤੀ ਹੈ। ਅਗਲੇ ਇੱਕ ਮਹੀਨੇ ਦੇ ਅੰਦਰ ਆਲੋਵਾਲ ਇਲਾਕੇ ਵਿੱਚ ਸੀਵਰੇਜ ਪੈ ਜਾਵੇਗਾ, ਜਿਸ ਨਾਲ ਇਸ ਇਲਾਕੇ ਵਿੱਚ ਗੰਦੇ ਪਾਣੀ ਦੀ ਨਿਕਾਸੀ ਦਾ ਮਸਲਾ ਪੱਕੇ ਤੌਰ ’ਤੇ ਹੱਲ ਹੋ ਜਾਵੇਗਾ। ਸੀਵਰੇਜ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਸ਼ਹਿਰ ਦੀ ਸੌ ਫੀਸਦੀ ਵਸੋਂ ਨੂੰ ਪੀਣ ਲਈ ਸ਼ੁੱਧ ਪਾਣੀ, ਸਾਰੇ ਘਰਾਂ ਨੂੰ ਸੀਵਰੇਜ ਨਾਲ ਜੋੜਨਾ ਅਤੇ ਵਧੀਆ ਸੜਕਾਂ ਬਣਾ ਕੇ ਬੁਨਿਆਦੀ ਸਹੂਲਤਾਂ ਦੇਣ ਦੇ ਯਤਨ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਬਟਾਲਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਜਦੋਂ ਇਹ ਵਿਕਾਸ ਕਾਰਜ ਮੁਕੰਮਲ ਹੋ ਜਾਣਗੇ ਤਾਂ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ। ਮੰਤਰੀ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਿੱਜੀ ਦਿਲਚਸਪੀ ਲੈ ਕੇ ਬਟਾਲਾ ਸ਼ਹਿਰ ਦਾ ਵਿਕਾਸ ਕਰਾ ਰਹੇ ਹਨ ਅਤੇ ਮੁੱਖ ਮੰਤਰੀ ਨੇ ਉਨ੍ਹਾਂ ਦੀ ਡਿਊਟੀ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਲਗਾਈ ਹੈ।
ਬਾਜਵਾ ਨੇ ਕਿਹਾ ਉਨ੍ਹਾਂ ਪੂਰੀ ਕੋਸ਼ਿਸ਼ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਦੇ ਵਿਕਾਸ ਲਈ ਭੇਜਿਆ ਇੱਕ-ਇੱਕ ਪੈਸਾ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚ ਹੋਵੇ। ਉਨ੍ਹਾਂ ਕਿਹਾ ਕਿ ਬਟਾਲਾ ਇਤਿਹਾਸਕ ਸ਼ਹਿਰ ਹੈ ਅਤੇ ਰਾਜ ਸਰਕਾਰ ਵੱਲੋਂ ਇਸ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਸਤੂਰੀ ਲਾਲ ਸੇਠ, ਸੁਖਦੀਪ ਸਿੰਘ ਤੇਜਾ, ਐੱਸਡੀਓ ਸੀਵਰੇਜ ਬੋਰਡ ਗੁਰਜਿੰਦਰ ਸਿੰਘ, ਹਰਪ੍ਰਤਾਪ ਸਿੰਘ ਚੱਠਾ ਹਾਜ਼ਰ ਸਨ।