ਪੱਤਰ ਪ੍ਰੇਰਕ
ਤਰਨ ਤਾਰਨ, 14 ਜੁਲਾਈ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਥਾਨਕ ਜ਼ਿਲ੍ਹਾ ਇਕਾਈ ਦੀ ਅੱਜ ਇਥੇ ਮੀਟਿੰਗ ਵਿੱਚ ਜਥੇਬੰਦੀ ਵਲੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨਾਲ ਸਾਂਝੇ ਤੌਰ ‘ਪਾਣੀ ਬਚਾਓ, ਖੇਤੀ ਬਚਾਓ ਮੁਹਿੰਮ’ ਤਹਿਤ ਸੰਘਰਸ਼ ਨੂੰ ਸਫਲ ਬਨਾਉਣ ਬਾਰੇ ਵਿਚਾਰਾਂ ਕੀਤੀਆਂ ਗਈਆਂ| ਜਥੇਬੰਦੀਆਂ ਦਾ ਵੱਲੋਂ ਪੰਜ-ਰੋਜ਼ਾ ਸੰਘਰਸ਼ 21 ਜੁਲਾਈ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ|
ਜਥੇਬੰਦੀ ਦੇ ਜ਼ਿਲ੍ਹਾ ਆਗੂ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਵਿੱਚ ਮੀਟਿੰਗ ਮੌਕੇ ਆਗੂਆਂ ਨੇ ਜ਼ਮੀਨਦੋਜ਼ ਪਾਣੀ ਦਾ ਪੱਧਰ ਨੀਵਾਂ ਹੋਣ ਤੇ ਦਰਿਆਵਾਂ ਦੇ ਪਾਣੀ ਗੰਧਲੇ ਹੋਣ ਲਈ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਜ਼ਿੰਮੇਵਾਰ ਕਰਾਰ ਦਿੱਤਾ| ਉਨ੍ਹਾਂ ਨੇ ਫੈਕਟਰੀਆਂ ਵਾਲਿਆਂ ਦੀ ਕਥਿਤ ਅਣਗਹਿਲੀ ਕਰਕੇ ਸਤਲੁਜ ਦਰਿਆ ਦੇ ਪਾਣੀ ਨੂੰ ਗੰਧਲਾ ਕਰਨ ਤੋਂ ਇਲਾਵਾ ਲੌਹੁਕਾ ਦੀ ਸ਼ਰਾਬ ਫੈਕਟਰੀ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਆਦਿ ਨੂੰ ਇਸ ਸੰਘਰਸ਼ ਦੌਰਾਨ ਮੁੱਖ ਮੁੱਦਿਆਂ ਦੇ ਤੌਰ ਤੇ ਲੈਣ ’ਤੇ ਜ਼ੋਰ ਦਿੱਤਾ ਗਿਆ| ਇਸ ਮੌਕੇ ਸਵਿੰਦਰ ਸਿੰਘ ਚੁਤਾਲਾ, ਸਤਨਾਮ ਸਿੰਘ ਮਾਨੋਚਾਹਲ, ਸੁਖਵਿੰਦਰ ਸਿੰਘ ਦੁੱਗਲਵਾਲਾ ਆਦਿ ਨੇ ਸੰਬੋਧਨ ਕੀਤਾ|
ਐੱਸਕੇਐੱਮ ਵੱਲੋਂ ਕਨਵੈਨਸ਼ਨ 24 ਨੂੰ
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 7 ਕਿਸਾਨ ਜਥੇਬੰਦੀਆਂ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਦਰਸ਼ਨ ਸਿੰਘ ਮੱਟੂ ਦੀ ਅਗਵਾਈ ਹੇਠ ਅੱਜ ਇੱਥੇ ਹੋਈ। ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੀ 24 ਜੁਲਾਈ ਨੂੰ ਦਾਣਾ ਮੰਡੀ ਹੁਸ਼ਿਆਰਪੁਰ ਵਿੱਚ ਜ਼ਿਲ੍ਹਾ ਕਨਵੈਨਸ਼ਨ ਕਰਨ ਅਤੇ 31 ਜੁਲਾਈ ਨੂੰ ਕਿਸਾਨ ਜਥੇਬੰਦੀਆਂ ਵਲੋਂ ਚੌਲਾਂਗ ਅਤੇ ਫ਼ਗਵਾੜਾ ਵਿਖੇ ਚਾਰ ਘੰਟੇ ਲਈ ਰੇਲ ਆਵਜਾਈ ਠੱਪ ਕਰਨ ਦਾ ਫ਼ੈਸਲਾ ਲਿਆ ਗਿਆ। ਦਰਸ਼ਨ ਸਿੰਘ ਮੱਟੂ ਨੇ ਸਮੂਹ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਇਨ੍ਹਾਂ ਐਕਸ਼ਨਾਂ ’ਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ। ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਰਾਏ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਗੁਰਨੇਕ ਸਿੰਘ ਭੱਜਲ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਦਵਿੰਦਰ ਸਿੰਘ ਕੱਕੋਂ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਭਿੰਡਰ, ਕੰਢੀ ਕਿਸਾਨ ਯੂਨੀਅਨ ਦੇ ਕੁਲਜਿੰਦਰ ਸਿੰਘ ਆਦਿ ਸ਼ਾਮਿਲ ਸਨ।