ਪਠਾਨਕੋਟ (ਐੱਨਪੀ ਧਵਨ): ਪੰਜਾਬ ਯੂਟੀ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ ’ਤੇ ਪਸਸਫ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਧੀਮਾਨ ਦੀ ਅਗਵਾਈ ਵਿੱਚ ਪੰਜਾਬ ਬਜਟ ਦੀਆਂ ਕਾਪੀਆਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਸਾੜੀਆਂ ਗਈਆਂ। ਇਸ ਰੋਸ ਪ੍ਰਦਰਸ਼ਨ ਵਿੱਚ ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਆਗੂ ਰਮੇਸ਼ ਪਾਲ ਸ਼ਰਮਾ, ਵਿਨੋਦ ਅੱਤਰੀ, ਰਜਨੀਸ਼ ਕੁਮਾਰ, ਸਤੀਸ਼ ਸ਼ਰਮਾ, ਮਨੋਹਰ ਲਾਲ, ਸੁਰਿੰਦਰ ਸਿੰਘ, ਵਿਜੇ ਕੁਮਾਰ, ਸੁਰੇਸ਼ ਕੁਮਾਰ ਆਦਿ ਹਾਜ਼ਰ ਸਨ। ਸਮੂਹ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜੋ ਬਜਟ ਪਾਸ ਕੀਤਾ ਹੈ, ਉਸ ਵਿੱਚ ਮੁਲਾਜ਼ਮਾਂ ਦੇ ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ, ਜਨਵਰੀ 2016 ਤੋਂ ਲੈ ਕੇ 30 ਜੂਨ 2021 ਤੱਕ ਦੇ ਬਕਾਏ ਲਈ ਕੋਈ ਬਜਟ ਨਹੀਂ ਰੱਖਿਆ ਗਿਆ। ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ ਨਹੀਂ ਦਿੱਤਾ ਗਿਆ, ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਕੋਈ ਗੱਲ ਨਹੀਂ ਕੀਤੀ ਗਈ।