ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 4 ਜੁਲਾਈ
ਸਰਦਾਰ ਜੱਸਾ ਸਿੰਘ ਆਹਲੂਵਾਲੀਆ ਮੈਮੋਰੀਅਲ ਸੁਸਾਇਟੀ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਇਥੇ ਬਣੇ ਕਿਲਾ ਆਹਲੂਵਾਲੀਆ ਵਿਚ ਹੁਣ ਤਕ ਹੋਏ ਕੰਮ ਦੀ ਜਾਂਚ ਕੀਤੀ ਜਾਵੇ। ਜਥੇਬੰਦੀ ਦੇ ਪ੍ਰਧਾਨ ਪ੍ਰਦੀਪ ਸਿੰਘ ਵਾਲੀਆ ਨੇ ਦੱਸਿਆ ਕਿ ਜਥੇਬੰਦੀ ਵਲੋਂ ਇਕ ਮੀਟਿੰਗ ਕੀਤੀ ਗਈ ਹੈ, ਜਿਸ ਵਿਚ ਆਹਲੂਵਾਲੀਆ ਕਿਲੇ ਬਾਰੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਇਥੇ ਕਿਲੇ ਦੀ ਮੁਰੰਮਤ ਵਾਸਤੇ 2 ਕਰੋੜ 22 ਲੱਖ ਰੁਪਏ ਦਾ ਟੈਂਡਰ ਹੋਇਆ ਸੀ ਪਰ ਮੁਰੰਮਤ ਦਾ ਕੁਝ ਹੀ ਕੰਮ ਹੋਇਆ ਹੈ। ਉਨ੍ਹਾਂ ਸ਼ੱਕ ਪ੍ਰਗਟਾਇਆ ਕਿ ਰਕਮ ਦਾ ਵੱਡਾ ਹਿੱਸਾ ਖੁਰਦ ਬੁਰਦ ਹੋ ਗਿਆ ਹੈ, ਇਸ ਲਈ ਮਾਮਲੇ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਨੇ ਭਾਰਤੀ ਪੁਰਾਤਤਵ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਇਸ ਕਿਲੇ ਅੰਦਰ ਬਣੀਆਂ ਦੁਕਾਨਾਂ ਅਤੇ ਘਰਾਂ ਨੂੰ ਇਥੋਂ ਹਟਾਉਣ ਲਈ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਕਿਲੇ ਦੀ ਪੁਰਾਤਨ ਦਿਖ ਅਤੇ ਹੋਂਦ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਮੰਗ ਕੀਤੀ ਕਿ ਕਿਲੇ ਨੂੰ ਖਾਲੀ ਕਰਵਾ ਕੇ ਇਸ ਦੀ ਨਵ ਉਸਾਰੀ ਕਰਾਈ ਜਾਵੇ। ਇਸ ਮੌਕੇ ਸੁਰਿੰਦਰ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।