ਐਨਪੀ.ਧਵਨ
ਪਠਾਨਕੋਟ, 7 ਸਤੰਬਰ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡ ਲਾਹੜੀ ਵਿੱਚ 38 ਲੱਖ ਦੀ ਲਾਗਤ ਨਾਲ ਨਵੇਂ ਬਣਾਏ ਗਏ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀ ਇਮਾਰਤ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਸਕੂਲਾਂ ਨੂੰ ਲੈ ਕੇ ਲੋਕਾਂ ਦਾ ਮੋਹ ਭੰਗ ਹੋਇਆ ਪਿਆ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਆਉਣ ਤੋਂ ਬਾਅਦ ਲੋਕਾਂ ਦੀ ਸਰਕਾਰੀ ਸਕੂਲਾਂ ਪ੍ਰਤੀ ਧਾਰਨਾ ਬਦਲ ਰਹੀ ਹੈ ਅਤੇ ਸਿੱਖਿਆ ਦੇ ਖੇਤਰ ਅੰਦਰ ਸਰਕਾਰ ਵੱਲੋਂ ਇੱਕ ਕ੍ਰਾਂਤੀ ਲਿਆਂਦੀ ਗਈ ਹੈ। ਇਸ ਮੌਕੇ ਜਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਕਮਲਜੀਤ ਕੌਰ, ਡਿਪਟੀ ਡੀਈਓ ਡੀਜੀ ਸਿੰਘ, ਜ਼ਿਲ੍ਹਾ ਪ੍ਰਧਾਨ ਬੀਸੀ ਸੈੱਲ ਨਰੇਸ਼ ਕੁਮਾਰ, ਬਲਾਕ ਪ੍ਰਧਾਨ ਸੰਦੀਪ ਕੁਮਾਰ, ਖੁਸ਼ਬੀਰ ਕਾਟਲ, ਸਰਪੰਚ ਸਨੀ ਸਿੰਘ ਲਾਹੜੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਬਾਅਦ ਵਿੱਚ ਮੰਤਰੀ ਨੇ ਅਧਿਆਪਕ ਦਿਵਸ ਨੂੰ ਸਮਰਪਿਤ ਸਿੱਖਿਆ ਦੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਸਰਕਾਰੀ ਸਕੂਲਾਂ ਦੀ ਹਾਲਤ ਇੰਨੀ ਚੰਗੀ ਨਹੀਂ ਸੀ ਪਰ ਹੁਣ ਲੋਕਾਂ ਦੀ ਧਾਰਨਾ ਬਦਲ ਰਹੀ ਹੈ। ਇਸ ਨਾਲ ਜਿੱਥੇ ਸਰਕਾਰੀ ਸਕੂਲਾਂ ਦੀ ਹਾਲਤ ਵਿੱਚ ਸੁਧਾਰ ਆਇਆ ਹੈ ਉੱਥੇ ਹੀ ਸਰਕਾਰੀ ਸਕੂਲਾਂ ਅੰਦਰ ਬੱਚਿਆਂ ਦੀ ਸੰਖਿਆ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਕੂਲ ਦੀ ਜੋ ਨਵੀਂ ਇਮਾਰਤ ਬਣਾਈ ਗਈ ਹੈ, ਇਸ ਨਾਲ ਸਕੂਲ ਦੀ ਚਾਰ ਦੀਵਾਰੀ ਵੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਦੇ 5 ਸਕੂਲਾਂ ਨੂੰ ਪ੍ਰਤੀ ਸਕੂਲ 40 ਲੱਖ ਰੁਪਏ ਅਤੇ ਇੱਕ ਸਕੂਲ ਨੂੰ 61 ਲੱਖ ਰੁਪਏ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਅੰਦਰ ਕੰਮ ਕਰ ਰਹੇ ਸਾਰੇ ਅਧਿਆਪਕ ਪ੍ਰਸ਼ੰਸਾ ਦੇ ਪਾਤਰ ਹਨ ਅਤੇ ਉਨ੍ਹਾਂ ਦੇ ਪੜ੍ਹਾਉਣ ਦੇ ਤਰੀਕਿਆਂ ਨੇ ਨਵੀਂ ਕ੍ਰਾਂਤੀ ਲਿਆਂਦੀ ਹੈ। ਇਸ ਬਦਲੇ ਉਨ੍ਹਾਂ ਸਾਰੇ ਅਧਿਆਪਕਾਂ ਦੀ ਪ੍ਰਸ਼ੰਸਾ ਕੀਤੀ ਅਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਮੌਜੂਦਾ ‘ਆਪ’ ਸਰਕਾਰ ਤੋਂ ਹਰ ਵਰਗ ਖ਼ੁਸ਼ ਹੈ। ਹਰ ਵਰਗ ਨੂੰ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਭਵਿੱਖ ਵਿੱਚ ਵੀ ਇਸੇ ਤਰ੍ਹਾਂ ਹਰ ਕਿਸੇ ਨੂੰ ਸਰਕਾਰੀ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ। ‘ਆਪ’ ਦੀ ਅਗਵਾਈ ਹੇਠ ਸੂਬੇ ਦਾ ਸਰਬਪੱਖੀ ਵਿਕਾਸ ਹੋ ਰਿਹਾ ਹੈ ਅਤੇ ਇਸ ਵਿੱਚ ਅਧਿਆਪਕਾਂ ਦਾ ਵਿਸ਼ੇਸ਼ ਯੋਗਦਾਨ ਹੈ।