ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 30 ਜਨਵਰੀ
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਨਿੱਜਰਪੁਰਾ ਟੌਲ ਪਲਾਜ਼ਾ ਵਿਖੇ ਚੱਲ ਰਿਹਾ ਧਰਨਾ 119ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਤੇ ਅੱਜ ਧਰਨੇ ਮੌਕੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨ ਆਗੂਆਂ ਦੀ ਕਿਸਾਨਾਂ ਦੇ ਜੱਥੇ ਦਿੱਲੀ ਭੇਜਣ ਲਈ ਮੀਟਿੰਗ ਦਵਿੰਦਰਪਾਲ ਸਿੰਘ ਚਾਟੀਵਿੰਡ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਕੀਤੀ ਗਈ। ਇਸ ਦੇ ਨਾਲ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜੰਡਿਆਲਾ ਗੁਰੂ ਦੇ ਰੇਲਵੇ ਸਟੇਸ਼ਨ ਬਾਹਰ ਚੱਲ ਰਿਹਾ ਰੇਲ ਰੋਕੋ ਅੰਦੋਲਨ ਵੀ ਅੱਜ 117ਵੇਂ ਦਿਨ ਵਿੱਚ ਦਾਖਲ ਹੋ ਗਿਆ। ਸ੍ਰੀ ਗੁਰਪ੍ਰੀਤ ਸਿੰਘ ਪ੍ਰਧਾਨ ਨੰਦ ਸਿੰਘ ਵਾਲਾ, ਪਰਮਜੀਤ ਸਿੰਘ ਵਰਪਾਲ ਤੇ ਨਿਸ਼ਾਨ ਸਿੰਘ ਪ੍ਰਧਾਨ ਜੰਡਿਆਲਾ ਗੁਰੂ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਗਏ ਹਨ, ਜਿਨ੍ਹਾਂ ਵਿੱਚ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨ ਆਗੂਆਂ ਨੇ ਵੱਡੀ ਗਿਣਤੀ ਵਿੱਚ ਦਿੱਲੀ ਕਾਫ਼ਲੇ ਲੈ ਕੇ ਜਾਣ ਦਾ ਫ਼ੈਸਲਾ ਕੀਤਾ ਹੈ ਅਤੇ ਦਿੱਲੀ ਜਾਣ ਲਈ ਸਾਰੇ ਹੀ ਪਿੰਡਾਂ, ਸ਼ਹਿਰਾਂ, ਕਸਬਿਆਂ ਵਾਲੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਜੰਡਿਆਲਾ ਗੁਰੂ ਰੇਲਵੇ ਸੇਟਸ਼ਨ ਬਾਹਰ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੱਜ 129ਵੇਂ ਦਿਨ ਵਿਚ ਦਾਖਲ ਹੋ ਗਿਆ ਹੈ ਅਤੇ ਅੱਜ ਮੋਰਚੇ ਵਿਚ ਗੁਰਪ੍ਰੀਤ ਸਿੰਘ ਖਾਨਪੁਰ ਦੀ ਅਗਵਾਈ ’ਚ ਕਿਸਾਨਾਂ ਦੇ ਜੱਥੇ ਵੱਲੋਂ ਸ਼ਮੂਲੀਅਤ ਕੀਤੀ ਗਈ। ਸ੍ਰੀ ਗੁਰਮੁਖ ਸਿੰਘ ਨੇ ਕਿਹਾ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਆਰਐੱਸਐੱਸ ਵਲੋਂ ਦਿੱਲੀ ਵਿੱਚ ਡਟੇ ਕਿਸਾਨਾਂ ਮਜ਼ਦੂਰਾਂ ਨੂੰ ਹਟਾਉਣ ਲਈ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਭੋਲਾ ਸਿੰਘ, ਸੁਖਰਾਜ ਸਿੰਘ, ਡਾ. ਮਨਦੀਪ ਸਿੰਘ, ਅਨੂਪ ਸਿੰਘ, ਅਜੀਤ ਸਿੰਘ, ਹਰਚਰਨ ਸਿੰਘ ਨੇ ਸੰਬੋਧਨ ਕੀਤਾ।