ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 28 ਜੂਨ
ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਵਿਸ਼ੇਸ਼ ਸਕੱਤਰ ਅਜੋਏ ਸ਼ਰਮਾ ਵੱਲੋਂ ਜਾਰੀ ਇੱਕ ਪੱਤਰ ਵਿੱਚ ਨਗਰ ਕੌਂਸਲ ਪ੍ਰਧਾਨ ਸੰਜੀਵ ਕੁਮਾਰ ਲਵਲੀ ਨੂੰ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ, ਡਿਊਟੀ ’ਚ ਲਾਪ੍ਰਵਾਹੀ ਅਤੇ ਨਿੱਜੀ ਫਾਇਦੇ ਲਈ ਚੈੱਕਾਂ ’ਤੇ ਦਸਤਖਤ ਨਾ ਕਰਨ ਦੇ ਮਾਮਲੇ ਵਿੱਚ ਪ੍ਰਧਾਨਗੀ ਅਹੁਦੇ ਤੋਂ ਫਾਰਗ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 2022 ਵਿੱਚ ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਸੰਜੀਵ ਕੁਮਾਰ ਲਵਲੀ ਵਿਰੁੱਧ ਵਿਕਾਸ ਕਾਰਜਾਂ ਵਿੱਚ ਰੁਕਾਵਟ ਪਾਉਣ ਦਾ ਮਾਮਲਾ ਵਧੀਕ ਕਮਿਸ਼ਨਰ ਸ਼ਹਿਰੀ ਵਿਕਾਸ ਵੱਲੋਂ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਜਿਸ ਵਿੱਚ ਨਗਰ ਕੌਂਸਲ ਪ੍ਰਧਾਨ ਨੂੰ ਮਿਉਂਸਿਪਲ ਐਕਟ ਤਹਿਤ ਨੋਟਿਸ ਜਾਰੀ ਹੋਇਆ ਸੀ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਇਹ ਖੁਲਾਸਾ ਹੋਇਆ ਕਿ ਜੇਈ, ਸਹਾਇਕ ਨਗਰ ਨਿਗਮ ਇੰਜੀਨੀਅਰ, ਈਓ ਮਿਉਂਸਿਪਲ ਕੌਂਸਲ ਅਤੇ ਏਡੀਸੀ ਸ਼ਹਿਰੀ ਵਿਕਾਸ ਦੇ ਨੁਮਾਇੰਦੇ ਵੱਲੋਂ ਟੈਂਡਰਾਂ ਨੂੰ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚ ਨਗਰ ਕੌਂਸਲ ਪ੍ਰਧਾਨ ਵੱਲੋਂ 9 ਕੰਮਾਂ ’ਚੋਂ ਸਿਰਫ 5 ਕੰਮਾਂ ਦੇ ਟੈਂਡਰਾਂ ਉੱਪਰ ਹੀ ਦਸਤਖਤ ਕੀਤੇ ਗਏ ਸਨ ਤੇ ਬਾਕੀ 4 ਕੰਮਾਂ ’ਤੇ ਦਸਤਖਤ ਨਹੀਂ ਕੀਤੇ ਸਨ। ਇਸ ਮਗਰੋਂ ਸਥਾਨਕ ਸਰਕਾਰਾਂ ਵਿਭਾਗ ਨੇ 14 ਫਰਵਰੀ 2024 ਨੂੰ ਈਮੇਲ ਰਾਹੀਂ ਨਗਰ ਕੌਂਸਲ ਪ੍ਰਧਾਨ ਨੂੰ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿੱਚ ਤਲਬ ਕੀਤਾ ਸੀ, ਪਰ ਨਗਰ ਕੌਂਸਲ ਪ੍ਰਧਾਨ ਨੇ ਕੋਈ ਜਵਾਬ ਨਹੀਂ ਦਿੱਤਾ ਸੀ।