ਰਾਜਨ ਮਾਨ
ਮਜੀਠਾ, 23 ਮਈ
ਕਿਰਤੀ ਕਿਸਾਨ ਯੂਨੀਅਨ ਵਲੋਂ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਕਿਸਾਨਾਂ ਵਿਰੁੱਧ ਗਲਤ ਬਿਆਨਬਾਜ਼ੀ ਕਰਨ ਤੋਂ ਬਾਜ਼ ਆਉਣ ਲਈ ਸਖਤ ਤਾੜਨਾ ਕੀਤੀ ਗਈ ਹੈ। ਅੱਜ ਇਥੇ ਪਿੰਡ ਸੋਹੀਆਂ ਕਲਾਂ ਵਿਖੇ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੀ ਹੋਈ ਮੀਟਿੰਗ ਵਿੱਚ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਜਤਿੰਦਰ ਸਿੰਘ ਛੀਨਾ ਅਤੇ ਯੂਥ ਦੇ ਸੂਬਾ ਜਨਰਲ ਸਕੱਤਰ ਜਗਪ੍ਰੀਤ ਸਿੰਘ ਕੋਟਲਾ ਗੁਜਰਾਂ ਨੇ ਕਿਹਾ ਕਿ ਭਾਜਪਾ ਆਗੂ ਕਿਸਾਨਾਂ ਖਿਲਾਫ ਬਿਆਨਬਾਜ਼ੀ ਕਰਨ ਤੋਂ ਬਾਜ਼ ਆਉਣ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਛੇ ਮਹੀਨਿਆਂ ਤੋਂ ਦਿੱਲੀ ਦੀਆਂ ਸੜਕਾਂ ’ਤੇ ਬੈਠਾ ਹੈ ਤੇ ਭਾਜਪਾ ਆਗੂ ਆਪਣੀਆਂ ਘਟੀਆ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ।