ਪੱਤਰ ਪ੍ਰੇਰਕ
ਚੇਤਨਪੁਰਾ, 8 ਜੁਲਾਈ
ਅੱਜ ਕਿਰਤੀ ਕਿਸਾਨ ਯੂਨੀਅਨ (ਪੰਜਾਬ) ਦੀ ਮੀਟਿੰਗ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੂਬਾ ਕਮੇਟੀ ਮੈਂਬਰ ਅਤੇ ਜ਼ਿਲ੍ਹੇ ਦੀ ਸਮੁੱਚੀ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ। ਮੀਟਿੰਗ ਦੀ ਪ੍ਰਧਾਨਗੀ ਧਨਵੰਤ ਸਿੰਘ ਖਤਰਾਏ ਕਲਾਂ ਨੇ ਕੀਤੀ। ਇਸ ਮੌਕੇ ਪ੍ਰੈੱਸ ਦੇ ਨਾਂ ਪੱਤਰ ਜਾਰੀ ਕਰਦਿਆਂ ਸੂਬਾ ਜਨਰਲ ਸਕੱਤਰ ਰਸ਼ਪਾਲ ਸਿੰਘ ਕਪੂਰਥਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 18 ਤੋਂ 30 ਜੁਲਾਈ ਤੱਕ ਇਲਾਕਾ ਪੱਧਰ ਅਤੇ ਜ਼ਿਲ੍ਹਾ ਪੱਧਰ ’ਤੇ ਐੱਮਐੱਸਪੀ ’ਤੇ ਕਾਨੂੰਨ ਬਣਾਉਣ, ਲਖੀਮਪੁਰ ਖੀਰੀ ਦੇ ਕਾਤਲਾਂ ਨੂੰ ਸਜ਼ਾ ਦੇਣ ਅਤੇ ਹੋਰ ਕਿਸਾਨੀ ਮੰਗਾਂ ਲਈ ਦਬਾਅ ਬਣਾਉਣ ਲਈ ਕਨਵੈਨਸ਼ਨਾਂ ਕੀਤੀਆਂ ਜਾਣਗੀਆਂ ਅਤੇ 31 ਜੁਲਾਈ ਨੂੰ ਹੋਰ ਜਥੇਬੰਦੀਆਂ ਨਾਲ ਮਿਲ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 11 ਤੋਂ 2 ਵਜੇ ਤੱਕ ਸੜਕੀ ਆਵਾਜਾਈ ਠੱਪ ਕੀਤੀ ਜਾਵੇਗੀ।
ਇਸ ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ 17, 18, 19 ਜੁਲਾਈ ਨੂੰ ਲਖੀਮਪੁਰ ਖੀਰੀ ਵਿੱਚ ਲੱਗਣ ਵਾਲੇ 75 ਘੰਟੇ ਦੇ ਧਰਨੇ ਵਿੱਚ ਕਿਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਵੱਡੀ ਪੱਧਰ ’ਤੇ ਜਥੇ ਭੇਜ ਕੇ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਸਕੱਤਰ ਪ੍ਰਭਜੀਤ ਸਿੰਘ ਤਿਮੋਵਾਲ, ਹਰਪਾਲ ਸਿੰਘ ਛੀਨਾ, ਸੁਖਦੇਵ ਸਿੰਘ ਡੱਬਰ, ਕਾਬਲ ਸਿੰਘ ਛੀਨਾ, ਸਰਪੰਚ ਬਲਵਿੰਦਰ ਸਿੰਘ ਮੁਕਾਮ, ਜਸਬੀਰ ਸਿੰਘ ਛੀਨਾ, ਕੁਲਵੰਤ ਸਿੰਘ ਤੋਲਾਨੰਗਲ, ਸੁਖਦੀਪ ਸਿੰਘ ਛੀਨਾ ਨੇ ਸ਼ਿਰਕਤ ਕੀਤੀ।