ਪੱਤਰ ਪੇਰਕ
ਅਟਾਰੀ, 4 ਅਗਸਤ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਰਜ ਕੀਤੇ ਪਰਚੇ ਦੀ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਤੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਨੇ ਨਿੰਦਾ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਕਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਪਣੀ ਜ਼ਮੀਨੀ ਹਕੀਕਤ ਨਜ਼ਰ ਆ ਗਈ ਹੈ, ਜਿਸ ਕਾਰਨ ‘ਆਪ’ ਸਰਕਾਰ ਬੁਖਲਾਹਟ ਵਿੱਚ ਆ ਗਈ ਹੈ। ਉਨ੍ਹਾਂ ਕਿਹਾ ਕਿ ਉਕਤ ਆਗੂਆਂ ’ਤੇ ਜਿਸ ਆਧਾਰ ’ਤੇ ਪਰਚਾ ਦਰਜ ਕੀਤਾ ਗਿਆ ਹੈ, ਉਹ ਬੇਬੁਨਿਆਦ ਹੈ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਚੇਅਰਮੈਨਾਂ ਦੀ ਪੋਸਟ ਕਿਸੇ ਹੋਰ ਵੱਲੋਂ ਸੋਸ਼ਲ ਮੀਡੀਆ ’ਤੇ ਪਾਈ ਗਈ ਸੀ।