ਹਰਪਾਲ ਸਿੰਘ ਨਾਗਰਾ
ਫਤਹਿਗੜ੍ਹ ਚੂੜੀਆਂ, 21 ਮਾਰਚ
ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਕੇਂਦਰ ਸਰਕਾਰ ਨੂੰ ਜਲਦੀ ਚਿੱਠੀ ਲਿਖੀ ਜਾਵੇਗੀ ਕਿਉਂਕਿ ਕੋਵਿਡ ਕਾਰਨ ਇਹ ਲਾਂਘਾ ਬੰਦ ਹੋ ਗਿਆ ਸੀ ਅਤੇ ਹੁਣ ਕੋਵਿਡ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ ਪਰ ਫ਼ਿਰ ਵੀ ਲਾਂਘੇ ਨੂੰ ਖੋਲ੍ਹਣ ਸਬੰਧੀ ਕੇਂਦਰ ਨੂੰ ਚਿੱਠੀ ਲਿਖੀ ਜਾਵੇਗੀ। ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਫਤਿਹਗੜ੍ਹ ਚੂੜੀਆਂ ਵਿੱਚ ਅੰਮ੍ਰਿਤਸਰ-ਸੰਗਤਪੁਰਾ ਸੜਕ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪਿਛਲੇ ਸਾਲ ਅੰਮ੍ਰਿਤਸਰ-ਸੰਗਤਪੁਰਾ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ ਸੀ, ਜਿਸ ਤੋਂ ਬਾਅਦ ਕੋਵਿਡ ਕਰਕੇ ਇਸ ਦਾ ਕੰਮ ਰੁੱਕ ਗਿਆ ਸੀ ਪਰ ਹੁਣ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਜੋ ਕਿ ਜੁਲਾਈ ਮਹੀਨੇ ਤੱਕ ਪੂਰਾ ਹੋਣ ਦੀ ਉਮੀਦ ਹੈ। ਵਿਰੋਧੀ ਧਿਰਾਂ ਵੱਲੋਂ ਪੰਜਾਬ ਸਰਕਾਰ ਦੇ 4 ਸਾਲ ਦੇ ਕਾਰਜਕਾਲ ’ਤੇ ਚੁੱਕੇ ਸਵਾਲ ਦਾ ਜਵਾਬ ਦਿੰਦਿਆਂ ਬਾਜਵਾ ਨੇ ਕਿਹਾ ਕਿ ਵਿਰੋਧੀਆਂ ਦਾ ਕੰਮ ਸਿਰਫ਼ ਕਹਿਣਾ ਹੁੰਦਾ ਹੈ ਅਤੇ 2022 ਦੀਆਂ ਚੋਣਾਂ ਵਿਚ ਸਭ ਸਾਹਮਣੇ ਆ ਜਾਵੇਗਾ ਕਿ ਕੌਣ ਝੂਠਾ ਅਤੇ ਸੱਚਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਗਰ ਕੌਂਸਲਾਂ ਦੀ ਪ੍ਰਧਾਨਗੀ ਲਈ ਸਰਕਾਰ ਵਲੋਂ ਛੇਤੀ ਨੋਟੀਫਿਕੇਸ਼ਨ ਕਰ ਦਿੱਤਾ ਜਾਵੇਗਾ। ਇਸ ਮੌਕੇ ਕਾਰਜਸਾਧਕ ਅਫਸਰ ਭੁਪਿੰਦਰ ਸਿੰਘ, ਐਕਸੀਅਨ ਇੰਦਰਜੀਤ ਸਿੰਘ, ਐੱਸਡੀਓ ਗੁਰਜਿੰਦਰ ਸਿੰਘ, ਕਾਂਗਰਸੀ ਆਗੂ ਨਵਤੇਜ ਸਿੰਘ ਰੰਧਾਵਾ, ਰੋਸ਼ਨ ਜੋਸਫ, ਰਾਜਿੰਦਰ ਸਿੰਘ, ਰਜੀਵ ਸੋਨੀ ਅਤੇ ਰਕੇਸ਼ ਲੱਕੀ ਆਦਿ ਹਾਜ਼ਰ ਸਨ।