ਦਿਲਬਾਗ ਸਿੰਘ
ਅਟਾਰੀ, 24 ਦਸੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਵੱਲੋਂ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਾਰ ਸਹਬਿਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਕਾਲਜ ਦੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ।
ਵਿਸ਼ੇਸ਼ ਤੌਰ ’ਤੇ ਪੁੱਜੇ ਭਾਈ ਸੁਖਵੰਤ ਸਿੰਘ ਸਭਰਾ ਪ੍ਰਚਾਰਕ ਵੱਲੋਂ ਸਹਬਿਜ਼ਾਦਿਆਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ ਅਤੇ ਬੱਚਿਆਂ ਨੂੰ ਕੇਸਾਂ ਦੀ ਸੰਭਾਲ ਕਰਨ ਲਈ ਜਾਗਰੂਕ ਕੀਤਾ ਗਿਆ। ਇਸ ਉਪਰੰਤ ਕਾਲਜ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਤੋਂ ਸ਼ਹੀਦੀ ਚੇਤਨਾ ਮਾਰਚ ਆਰੰਭ ਕਰਕੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਪਾਤਸ਼ਾਹੀ ਛੇਵੀਂ ਹੁਸ਼ਿਆਰ ਨਗਰ ਵਿਖੇ ਅਰਦਾਸ ਕਰਕੇ ਸਮਾਪਤ ਕੀਤਾ ਗਿਆ। ਇਸ ਮੌਕੇ ਬੱਚਿਆਂ ਨੇ ਹੱਥਾਂ ਵਿੱਚ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਸਬੰਧਤ ਸਲੋਗਨਾਂ ਵਾਲੀਆਂ ਤਖ਼ਤੀਆਂ ਅਤੇ ਬੈਨਰ ਫੜੇ ਹੋਏ ਸਨ। ਕਾਲਜ ਦੇ ਪ੍ਰਿੰਸੀਪਲ ਫੁਲਵਿੰਦਰ ਪਾਲ ਸਿੰਘ ਨੇ ਆਪਣੇ ਵਿਚਾਰ ਪੇਸ਼ ਕੀਤੇ।