ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 12 ਜੂਨ
ਪੰਜਾਬੀ ਸਾਹਿਤਕਾਰਾਂ ਅਤੇ ਬੁੱਧੀਜੀਵੀਆਂ ਵੱਲੋਂ ਪਿਛਲੇ ਦਿਨੀਂ ਪਾਕਿਸਤਾਨੀ ਪੰਜਾਬ ਅਸੈਂਬਲੀ ਵਿੱਚ ਪੰਜਾਬੀ ਸਣੇ ਚਾਰ ਹੋਰ ਭਾਸ਼ਾਵਾਂ ਬੋਲਣ ਦੀ ਆਗਿਆ ਦੇਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਗਿਆ ਹੈ। ਕੇਂਦਰੀ ਲੇਖਕ ਸਭਾ ਦੇ ਸਕੱਤਰ ਕਥਾਕਾਰ ਦੀਪ ਦੇਵਿੰਦਰ ਸਿੰਘ, ਮੀਤ ਪ੍ਰਧਾਨ ਸ਼ੈਲਿੰਦਰਜੀਤ ਸਿੰਘ, ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਪ੍ਰਿੰ. ਡਾ. ਮਹਿਲ ਸਿੰਘ ਆਦਿ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਲਹਿੰਦੇ ਪੰਜਾਬ ਤੋਂ ਪੰਜਾਬੀ ਪ੍ਰਤੀ ਲਏ ਇਸ ਫੈਸਲੇ ਦੀ ਰੌਸ਼ਨੀ ਵਿੱਚ ਹਾਲ ਹੀ ਵਿੱਚ ਭਾਰਤੀ ਪਾਰਲੀਮਾਨੀ ਚੋਣਾਂ ਵਿੱਚ ਜਿੱਤੇ ਪੰਜਾਬ ਦੇ ਲੋਕ ਸਭਾ ਮੈਂਬਰਾਂ ਨੂੰ ਵੀ ਮਾਤ ਭਾਸ਼ਾ ਦੇ ਹੱਕ ਵਿੱਚ ਖੜ੍ਹਨਾ ਚਾਹੀਦਾ ਹੈ। ਉਨ੍ਹਾਂ ਭਾਰਤ ਦੀ ਨਵੀਂ ਬਣੀ ਕੈਬਨਿਟ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦੇ ਰਵਨੀਤ ਬਿੱਟੂ ਵੱਲੋਂ ਅੰਗਰੇਜ਼ੀ ਵਿੱਚ ਸਹੁੰ ਚੁੱਕਣ ਦੀ ਨਿੰਦਿਆ ਕਰਦਿਆਂ ਕਿਹਾ ਕਿ ਜਿਸ ਭਾਸ਼ਾ ਵਿੱਚ ਇਹ ਰਾਜਨੀਤਿਕ ਆਗੂ ਆਪਣੇ ਲੱਛੇਦਾਰ ਭਾਸ਼ਣਾਂ ਵਿੱਚ ਲੋਕਾਂ ਕੋਲੋਂ ਵੋਟ ਅਤੇ ਹਮਾਇਤ ਮੰਗਦੇ ਹਨ, ਉਸ ਭਾਸ਼ਾ ਤੋਂ ਇੰਝ ਮੂੰਹ ਮੋੜਨਾ ਦਿਆਨਤਦਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੇਂ ਚੁਣੇ ਲੋਕ ਸਭਾ ਮੈਂਬਰਾਂ ਨੂੰ ਸਹੁੰ ਚੁੱਕਣ ਸਣੇ ਸੰਸਦ ਅੰਦਰ ਹਰ ਤਰ੍ਹਾਂ ਦਾ ਭਾਸ਼ਣ ਮਾਤ ਭਾਸ਼ਾ ਵਿੱਚ ਹੀ ਦੇਣਾ ਚਾਹੀਦਾ ਹੈ।