ਗੁਰਭੇਜ ਸਿੰਘ ਰਾਣਾ
ਸ੍ਰੀ ਹਰਗੋਬਿੰਦਪੁਰ, 9 ਜੁਲਾਈ
ਇਥੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਹਰਗੋਬਿੰਦਪੁਰ ਦੇ ਦਫ਼ਤਰ ਵਿੱਚ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਨੇ ਪੰਜਾਬ ਵਿੱਚ ਨਰੇਗਾ ਤਹਿਤ ਹੋਣ ਵਾਲੇ ਹਰ ਤਰ੍ਹਾਂ ਦੇ ਕੰਮ ਠੱਪ ਕਰ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਅੱਜ ਧਰਨੇ ’ਤੇ ਬੈਠੇ ਆਗੂ ਸੰਦੀਪ ਸਿੰਘ, ਜਗਪ੍ਰੀਤ ਸਿੰਘ, ਸਮੀਰ ਥਾਪਾ, ਦਲਜੀਤ ਸਿੰਘ, ਜਗਮੀਤ ਸਿੰਘ ਤੇ ਸੁਖਰਾਜ ਸਿੰਘ ਨੇ ਦੱਸਿਆ ਕੇ ਨਰੇਗਾ ਮੁਲਾਜ਼ਮਾਂ ਦੀ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਹੋਣ ਦੇ ਬਾਵਜੂਦ ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਠੇਕਾ ਮੁਲਾਜ਼ਮ ਵੈੱਲਫੇਅਰ ਐਕਟ-2016 ਪਾਸ ਕੀਤਾ ਸੀ ਤੇ ਕਈ ਵਿਭਾਗਾਂ ਨੇ ਮੁਲਾਜ਼ਮਾਂ ਨੂੰ ਇਸ ਐਕਟ ਰਾਹੀ ਰੈਗੂਲਰ ਕੀਤਾ ਸੀ ਪਰ ਮੌਜੂਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਠੇਕਾ ਮੁਲਾਜ਼ਮਾਂ ਦੇ ਧਰਨਿਆਂ ਵਿੱਚ ਜਾ ਕੇ ਚੋਣ ਮਨੋਰਥ ਪੱਤਰ ਰਾਹੀ , ਟਵੀਟ ਕਰ ਕੇ ਅਤੇ ਮੀਡੀਆ ਬਿਆਨਾਂ ਰਾਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਕਿਹਾ ਸੀ, ਪਰ ਅੱਜ ਸਾਢੇ ਚਾਰ ਸਾਲ ਬੀਤ ਜਾਣ ਬਾਅਦ ਵੀ ਠੇਕਾ ਮੁਲਾਜ਼ਮਾਂ ਲਈ ਸਰਕਾਰ ਨੇ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਰੋਸ ਵਜੋਂ 10 ਜੁਲਾਈ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਪੰਜਾਬ ਵਿੱਚ ਤਿੰਨ ਥਾਵਾਂ ’ਤੇ ਨੈਸ਼ਨਲ ਹਾਈਵੇ ਜਾਮ ਕੀਤੇ ਜਾਣਗੇ।
ਭੁਲੱਥ (ਪੱਤਰ ਪ੍ਰੇਰਕ): ਮਗਨਰੇਗਾ ਮੁਲਾਜ਼ਮ/ਸਿਹਤ ਕਰਮਚਾਰੀ ਯੂਨੀਅਨ ਨੇ ਸੂਬੇ ਵਿੱਚ ਮਗਨਰੇਗਾ ਤਹਿਤ ਹੋਣ ਵਾਲੇ ਹਰ ਤਰ੍ਹਾਂ ਦੇ ਕੰਮ ਠੱਪ ਹੋਣ ਕਰਕੇ ਬਲਾਕ ਵਿਕਾਸ ਦਫਤਰ ਨਡਾਲਾ ਵਿਚ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਹਸਪਤਾਲਾਂ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਹਰ ਤਰ੍ਹਾਂ ਦੀਆਂ ਸੇਵਾਵਾਂ ਠੱਪ ਕਰ ਦਿੱਤੀਆਂ। ਇਸ ਸਬੰਧੀ ਜ਼ਿਲ੍ਹਾ ਵਾਈਸ ਪ੍ਰਧਾਨ ਬਲਜੀਤ ਸਿੰਘ ਜੀਆਰਐੱਸ ਅਤੇ ਹਰਦੀਪ ਪਾਲ ਜੀਆਰਐੱਸ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਚੋਣਾਂ ਤੋਂ ਪਹਿਲਾਂ ਠੇਕਾ ਮੁਲਾਜ਼ਮਾਂ ਦੇ ਧਰਨਿਆਂ ਵਿੱਚ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਸਾਢੇ ਚਾਰ ਸਾਲ ਬੀਤ ਜਾਣ ਬਾਅਦ ਵੀ ਠੇਕਾ ਮੁਲਾਜ਼ਮਾਂ ਦਾ ਸਰਕਾਰ ਕੱਖ ਨਹੀਂ ਕੀਤਾ।