ਦਲਬੀਰ ਸੱਖੋਵਾਲੀਆ
ਬਟਾਲਾ, 3 ਨਵੰਬਰ
ਸਰਵ ਸਿੱਖਿਆ ਅਭਿਆਨ ਮਿਡ-ਡੇਅ ਮੀਲ ਦਫਤਰੀ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਵਿਕਾਸ ਸ਼ਰਮਾ ਅਤੇ ਮੀਤ ਪ੍ਰਧਾਨ ਪ੍ਰਵੀਨ ਸ਼ਰਮਾ ਨੇ ਇੱਥੇ ਦੱਸਿਆ ਕਿ ਪੰਜਾਬ ਦੇ ਕੱਚੇ ਮੁਲਾਜ਼ਮ ਪਿਛਲੇ 16-17 ਸਾਲਾਂ ਤੋਂ ਦੀਵਾਲੀ ਦੇ ਤੋਹਫੇ ਨੂੰ ਉਡੀਕਦੇ ਆ ਰਹੇ ਹਨ ਅਤੇ ਸਮੇਂ ਦੀਆ ਸਰਕਾਰਾਂ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਐਲਾਨ ਤਾਂ ਵੱਡੇ ਵੱਡੇ ਹੋਏ, ਪਰ ਇਨ੍ਹਾਂ ਐਲਾਨਾਂ ਨੂੰ ਅਮਲੀਜਾਮਾ ਨਹੀਂ ਪਹਿਨਾਇਆ ਗਿਆ। ਅੱਜ ਦਫਤਰੀ ਮੁਲਾਜ਼ਮਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਰੋਸ ਵੀ ਜਤਾਇਆ ਗਿਆ। ਇਸ ਮੌਕੇ ਯੂਨੀਅਨ ਵੱਲੋਂ ਫ਼ੈਸਲਾ ਲਿਆ ਗਿਆ ਕਿ ਕੱਚੇ ਦਫਤਰੀ ਮੁਲਾਜ਼ਮ 10 ਨਵੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਮੁਹਾਲੀ ਵਿੱਚ ਸੂਬਾ ਪੱਧਰੀ ਰੈਲੀ ਕਰਕੇ ਪੱਕਾ ਧਰਨਾ ਲਾਉਣ ਨੂੰ ਮਜਬੂਰ ਹੋਣਗੇ। ਇਸੇ ਤਰ੍ਹਾਂ ਮੁਲਾਜ਼ਮਾਂ ਵੱਲੋਂ 15 ਨਵੰਬਰ ਤੋਂ ਕਲਮ ਛੋੜ ਹੜਤਾਲ ’ਤੇ ਚੱਲੇ ਜਾਣ ਦਾ ਵੀ ਫ਼ੈਸਲਾ ਕੀਤਾ ਹੈ। ਆਗੂਆ ਨੇ ਦੱਸਿਆ ਕਿ ਸਰਕਾਰਾਂ ਜਾਣ ਬੁੱਝ ਕੇ ਕੱਚੇ ਮੁਲਾਜ਼ਮਾਂ ਦਾ ਸ਼ੋਸ਼ਣ ਕਰ ਰਹੀਆ ਹਨ। ਸਰਵ ਸਿੱਖਿਆ ਅਭਿਆਨ ਮਿਡ-ਡੇਅ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਸਾਲ 2018ਵਿੱਚ ਸਰਕਾਰ ਨੇ ਸਰਵ ਸਿੱਖਿਆ ਅਭਿਆਨ ਦੇ 8886 ਅਧਿਆਪਕਾਂ ਨੂੰ ਵਿਭਾਗ ਵਿੱਚ ਪੱਕਾ ਕੀਤਾ ,ਪਰ ਉਨ੍ਹਾਂ ਦੇ ਨਾਲ ਕੰਮ ਕਰਦੇ ਦਫ਼ਤਰੀ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਗਿਆ। ਇਸ ਫ਼ੈਸਲੇ ਤੋਂ ਬਾਅਦ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਤੇ ਵਿਭਾਗ ਦੇ ਉਚ ਅਧਿਕਾਰੀ ਸਿਰਫ਼ ਕੱਚੇ ਮੁਲਾਜ਼ਮਾਂ ਨੂੰ ਪੱਕਿਆ ਕਰਨ ਭਰੋਸਾ ਦਿੰਦੇ ਰਹੇ। ਯੂਨੀਅਨ ਆਗੂਆਂ ਦੱਸਿਆ ਕਿ,ਉਹ ਸਮੇਂ ਸਮੇਂ ’ਤੇ ਸਿੱਖਿਆ ਮੰਤਰੀ, ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਸਮੇਤ ਹਲਕੇ ਦੇ ਵਿਧਾਇਕਾਂ ਨੂੰ ਮਿਲ ਚੁੱਕੇ ਹਨ ਪਰ ਉਨਾਂ ਦੇ ਕੇਸ ਦੀ ਕਿਧਰੇ ਵੀ ਸੁਣਵਾਈ ਨਹੀਂ ਹੋਈ। ਸਿੱਟੇ ਵੱਜੋਂ ਕੱਚੇ ਮੁਲਾਜ਼ਮਾਂ ਅੰਦਰ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।