ਨਿੱਜੀ ਪੱਤਰ ਪ੍ਰੇਰਕ
ਬਟਾਲਾ, 17 ਅਪਰੈਲ
ਪਿੰਡ ਤਾਰਾਗੜ੍ਹ ਵਿਚ ਜਲ ਸਪਲਾਈ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਵੱਲੋਂ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਕਾਲੀਆਂ ਝੰਡੀਆਂ ਦਿਖਾਉਂਦਿਆਂ ਨਾਅਰੇਬਾਜ਼ੀ ਕੀਤੀ ਗਈ। ਠੇਕਾ ਮੁਲਾਜ਼ਮਾਂ ਵੱਲੋਂ ਪ੍ਰਧਾਨ ਅਜਮੇਰ ਸਿੰਘ ਕੋਟ ਟੋਡਰ ਮੱਲ ਅਤੇ ਬ੍ਰਾਂਚ ਪ੍ਰਧਾਨ ਸਤਨਾਮ ਸਿੰਘ ਵੈਰੋਨੰਗਲ ਦੀ ਅਗਵਾਈ ਵਿੱਚ ਪਰਿਵਾਰਾਂ ਸਣੇ ਪ੍ਰਦਰਸ਼ਨ ਕਰਦਿਆਂ ਸਰਕਾਰ ਤੇ ਮੰਤਰੀ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਾਰ ਸਾਲ ਤੋਂ ਵੱਧ ਸਮਾਂ ਲੰਘਣ ਤੋਂ ਬਾਅਦ ਵੀ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ।
ਯੂਨੀਅਨ ਆਗੂਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੱਤਾ ’ਚ ਆਉਣ ਤੋਂ ਪਹਿਲਾਂ ਬੇਰੁਜ਼ਗਾਰਾਂ ਨੂੰ ਨੌਕਰੀਆਂ ਦੇਣ ਦੇ ਨਾਲ ਨਾਲ ਠੇਕਾ ਮੁਲਾਜ਼ਮਾਂ ਨੂੰ ਵੀ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਕਾਂਗਰਸ ਦਾ ਇਹ ਵਾਅਦਾ ਵਫ਼ਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪਿੱਤਰੀ ਵਿਭਾਗਾਂ ਵਿਚ ਪੱਕਾ ਕਰਨ ਸਣੇ ਹੋਰਨਾਂ ਮੰਗਾਂ ਦੇ ਹੱਲ ਲਈ ਸੰਘਰਸ਼ ਕੀਤਾ ਜਾ ਰਿਹਾ।