ਖੇਤਰੀ ਪ੍ਰਤੀਨਿਧ
ਬਟਾਲਾ, 28 ਜੁਲਾਈ
ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਸੂਬੇ ਦੇ ਸਿਆਸੀ ਹਾਲਾਤ ਬਾਰੇ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਸੂਬੇ ਵਿੱਚ ਨਸ਼ਿਆਂ ਤੇ ਗੈਂਗਸਟਰ ਦੇ ਖਾਤਮੇ ਲਈ ਰਾਜ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਗੱਲ ਕੀਤੀ। ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਹਲਕੇ ਬਟਾਲਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵੀ ਚਰਚਾ ਕੀਤੀ ਅਤੇ ਨਾਲ ਹੀ ਸ੍ਰੀ ਕੇਜਰੀਵਾਲ ਕੋਲੋਂ ਅਗਵਾਈ ਅਤੇ ਉਨ੍ਹਾਂ ਦਾ ਸਹਿਯੋਗ ਮੰਗਿਆ। ਅਰਵਿੰਦ ਕੇਜਰੀਵਾਲ ਨੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਾਲਾਘਾ ਕੀਤੀ। ਸ੍ਰੀ ਕੇਜਰੀਵਾਲ ਨੇ ਵਿਧਾਇਕ ਕਲਸੀ ਨੂੰ ਹਰ ਤਰ੍ਹਾਂ ਦੇ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।