ਪੱਤਰ ਪ੍ਰੇਰਕ
ਮਾਨਸਰ, 10 ਜੁਲਾਈ
ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਹੋਰ ਮੰਗਾਂ ਮੰਨਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਟੌਲ ਪਲਾਜ਼ਾ ਮਾਨਸਰ ’ਤੇ ਲਗਾਇਆ ਧਰਨਾ ਅੱਜ 273ਵੇਂ ਦਿਨ ਵੀ ਜਾਰੀ ਰਿਹਾ। ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੇ ਲੋਕਾਂ ਨੂੰ ਮਹਿੰਗਾਈ ਤੇ ਕਿਸਾਨਾਂ ਨੂੰ ਤਬਾਹ ਕਰਨ ਦੀ ਨੀਤੀ ਬਣਾ ਰੱਖੀ ਹੈ, ਜਿਸ ਕਾਰਨ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਅਸਮਾਨੀ ਚੜ੍ਹਾ ਦਿੱਤੀਆਂ ਹਨ ਜਿਸ ਕਾਰਨ ਆਮ ਵਰਗ ਨੂੰ ਵੱਡੀਆਂ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਮਹਿੰਗਾਈ ਤੇ ਦਿੱਲੀ ਦਾ ਅੰਦੋਲਨ ਮੋਦੀ ਸਰਕਾਰ ਦੀਆਂ ਜੜ੍ਹਾਂ ’ਚ ਬੈਠੈਗਾ। ਕਿਸਾਨ ਸ਼ਾਂਤਮਈ ਢੰਗ ਨਾਲ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਰ ਵੱਡੀ ਤੋਂ ਵੱਡੀ ਕੁਰਬਾਨੀ ਦੇਣ ਨੂੰ ਤਿਆਰ ਹਨ। ਉਨ੍ਹਾਂ ਦੱਸਿਆ ਕਿ 11 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਗੁਰਨਾਮ ਸਿੰਘ ਚੜੂਨੀ ਦਾ ਟੌਲ ਪਲਾਜ਼ਾ ਮਾਨਸਰ ‘ਤੇ ਪਹੁੰਚਣ ਉੱਤੇ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵਿਜੇ ਸਿੰਘ ਬਹਬਿਲ ਮੰਜ, ਨਰਿੰਦਰ ਸਿੰਘ ਗੋਲੀ ਤੇ ਅਨੂਪ ਸਿੰਘ ਆਦਿ ਹਾਜ਼ਰ ਸਨ।