ਹਰਜੀਤ ਸਿੰਘ ਪਰਮਾਰ
ਬਟਾਲਾ, 7 ਨਵੰਬਰ
ਪਿੰਡ ਚੰਦੂਮੰਝ ਵਿੱਚ ਰੰਜਿਸ਼ ਕਾਰਨ ਕੁੱਝ ਵਿਅਕਤੀਆਂ ਨੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਅਭੈ ਮਸੀਹ (22) ਪੁੱਤਰ ਦਾਨਿਸ਼ ਮਸੀਹ ਵਾਸੀ ਪਿੰਡ ਚੰਦੂਮੰਝ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਕਿਲਾ ਲਾਲ ਸਿੰਘ ਦੀ ਪੁਲੀਸ ਨੇ ਕਤਲ ਦਾ ਕੇਸ ਦਰਜ ਕਰ ਲਿਆ ਹੈ। ਥਾਣਾ ਕਿਲਾ ਲਾਲ ਸਿੰਘ ਦੇ ਮੁਖੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦਾਨਿਸ਼ ਮਸੀਹ ਨੇ ਦੱਸਿਆ ਕਿ ਲੰਘੀ ਰਾਤ ਉਨ੍ਹਾਂ ਦੇ ਪਿੰਡ ’ਚ ਮਸੀਹੀ ਕਨਵੈਨਸ਼ਨ ਹੋ ਰਹੀ ਸੀ। ਉਸ ਦਾ ਲੜਕਾ ਅਭੈ ਮਸੀਹ ਘਰ ਤੋਂ ਕਨਵੈਨਸ਼ਨ ਵੱਲ ਜਾ ਰਿਹਾ ਸੀ ਕਿ ਰਾਹ ’ਚ ਰਾਜਪਾਲ, ਜਿੰਦਾ, ਸਾਗਰ, ਧਰਮਪਾਲ ਅਤੇ ਕੁਲਦੀਪ ਵਾਸੀ ਚੰਦੂਮੰਝ ਨੇ ਆਪਣੇ 2-3 ਅਣਪਛਾਤੇ ਸਾਥੀਆਂ ਨਾਲ ਪੁਰਾਣੀ ਰੰਜਿਸ਼ ਕਾਰਨ ਉਸ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਉਸ ਨੇ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਆਪਣੇ ਲੜਕੇ ਨੂੰ ਜ਼ਖ਼ਮੀ ਹਾਲਤ ’ਚ ਸਿਵਲ ਹਸਪਤਾਲ ਬਟਾਲਾ ਦਾਖਲ ਕਰਵਾਇਆ ਪਰ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਥਾਣਾ ਮੁਖੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਘਟਨਾ ਦੇ ਮੁੱਖ ਮੁਲਜ਼ਮ ਰਾਜਪਾਲ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।