ਕੇਪੀ ਸਿੰਘ
ਗੁਰਦਾਸਪੁਰ, 30 ਮਈ
ਲੋਕ ਸਭਾ ਦੇ ਚੋਣਾਂ ਤਹਿਤ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਤੋਂ ਗੁਰਦਾਸਪੁਰ ਵਿੱਚ ਹਲਕਾ ਵਿਧਾਇਕ ਬੀਰਿੰਦਰਮੀਤ ਸਿੰਘ ਅਤੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਦੇ ਨਾਲ ਸ਼ਹਿਰ ਵਿੱਚ ਰੋਡ ਮਾਰਚ ਕੀਤਾ ਗਿਆ। ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਜਗ੍ਹਾ-ਜਗ੍ਹਾ ਨੋਟਾਂ ਦੇ ਹਾਰ ਪਹਿਨਾ ਕੇ ਸ੍ਰੀ ਰੰਧਾਵਾ ਦਾ ਸਨਮਾਨ ਕੀਤਾ ਗਿਆ। ਸੁਖਜਿੰਦਰ ਰੰਧਾਵਾ ਨੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੱਲ਼ ਦਾ ਭਰੋਸਾ ਦਿੱਤਾ। ਸ੍ਰੀ ਰੰਧਾਵਾ ਨੇ ਕਿਹਾ ਕਿ ਅੱਜ ਵਪਾਰੀ ਵਰਗ ਨੂੰ ਕਾਫ਼ੀ ਮਹਿੰਗੇ ਮੁੱਲ ’ਤੇ ਬਿਜਲੀ ਮਿਲ ਰਹੀ ਹੈ ਜਿਸ ਨੂੰ ਸਸਤਾ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿੱਤ ਮਗਰੋਂ ਵਪਾਰੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ਼ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਚਹੁੰ-ਮੁਖੀ ਵਿਕਾਸ ਲਈ ਯਤਨ ਕੀਤੇ ਜਾਣਗੇ।
ਬਟਾਲਾ (ਦਲਬੀਰ ਸੱਖੋਵਾਲੀਆ): ਇੱਥੋਂ ਦੇ ਗਾਂਧੀ ਕੈਂਪ ’ਚ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ ਵਿੱਚ ਕਰਵਾਏ ਚੋਣ ਜਲਸੇ ’ਚ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸ੍ਰੀ ਰੰਧਾਵਾ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ‘ਆਪ’ ਅਤੇ ਭਾਜਪਾ ਦੇ ਕੰਮਾਂ ਦੀ ਨੁਕਤਚੀਨੀ ਕੀਤੀ। ਉਨ੍ਹਾਂ ਬਟਾਲਾ ਸਨਅਤ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਨ ਦਾ ਭਰੋਸਾ ਦਿੱਤਾ।
ਦੀਨਾਨਗਰ (ਸਰਬਜੀਤ ਸਾਗਰ): ਚੋਣ ਪ੍ਰਚਾਰ ਦੇ ਆਖ਼ਰੀ ਦਿਨ ਯੂਥ ਕਾਂਗਰਸ ਵੱਲੋਂ ਪਾਰਟੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ ਵਿੱਚ ਸ਼ਹਿਰ ਅੰਦਰ ਰੈਲੀ ਕੀਤੀ ਗਈ। ਇਸ ਨੂੰ ਵਿਧਾਇਕਾ ਅਰੁਣਾ ਚੌਧਰੀ ਨੇ ਹਰੀ ਝੰਡੀ ਦਿਖਾਈ ਜਦੋਂਕਿ ਸੀਨੀਅਰ ਨੇਤਾ ਅਸ਼ੋਕ ਚੌਧਰੀ ਨੇ ਕਿਹਾ ਕਿ ਸਾਡਾ ਉਦੇਸ਼ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਹੈ। ਅਰੁਣਾ ਚੌਧਰੀ ਨੇ ਕਿਹਾ ਕਿ ਉਹ ਪਿਛਲੇ ਸਵਾ ਮਹੀਨੇ ਤੋਂ ਹਲਕੇ ਅੰਦਰ ਚੋਣ ਮੀਟਿੰਗਾਂ ਤੇ ਰੈਲੀਆਂ ਕਰਕੇ ਪ੍ਰਚਾਰ ਕਰਦੇ ਆ ਰਹੇ ਹਨ ਅਤੇ ਹਰ ਥਾਂ ਤੋਂ ਉਨ੍ਹਾਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਤੇ ਪਿਆਰ ਮਿਲਿਆ ਹੈ।
ਭਾਜਪਾ ਦੀਆਂ ਨੀਤੀਆਂ ਲੋਕਤੰਤਰ ਲਈ ਖ਼ਤਰਾ: ਬਾਜਵਾ
ਧਾਰੀਵਾਲ (ਪੱਤਰ ਪ੍ਰੇਰਕ): ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ ਵਿੱਚ ਸ਼ਹਿਰ ਧਾਰੀਵਾਲ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਹਾਲਾਤ ਖ਼ਰਾਬ ਹੋ ਗਏ ਹਨ। ਸ੍ਰੀ ਬਾਜਵਾ ਨੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਲੋਕ ਤੰਤਰ ਲਈ ਖ਼ਤਰਨਾਕ ਹਨ। ਮੋਦੀ ਸਰਕਾਰ ਸਾਜ਼ਿਸ਼ ਤਹਿਤ ਪੰਜਾਬ ਨੂੰ ਮਾਰਿਆ ਜਾ ਰਿਹਾ ਹੈ, ਫ਼ੌਜ ਦੀ ਸਿੱਧੀ ਭਰਤੀ ਬੰਦ ਕਰ ਕੇ ਅਗਨੀਵੀਰ ਭਰਤੀ ਸ਼ੁਰੂ ਕਰ ਕੇ ਜਵਾਨਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣਨ ’ਤੇ ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੂ ਕੀਤੀ ਜਾਵੇਗੀ, ਅਗਨੀਵੀਰ ਭਰਤੀ ਬੰਦ ਕਰ ਕੇ ਮੁੜ ਸਿੱਧੀ ਭਰਤੀ ਸ਼ੁਰੂ ਹੋਵੇਗੀ ਆਦਿ।