ਲਾਜਵੰਤ ਸਿੰਘ
ਨਵਾਂਸ਼ਹਿਰ, 9 ਜੁਲਾਈ
ਪੰਜਾਬ- ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਦੇ ਸੱਦੇ ’ਤੇ ਅੱਜ ਜ਼ਿਲ੍ਹੇ ਭਰ ਵਿੱਚੋਂ ਵੱਖ-ਵੱਖ ਸਕੂਲਾਂ ਤੇ ਵਿਭਾਗਾਂ ਦੇ ਮੁਲਾਜ਼ਮਾਂ ਨੇ ਕਲਮ ਛੋੜ ਤੇ ਕੰਮ ਛੋੜ ਹੜਤਾਲ ਕੀਤੀ। ਇਸ ਦੌਰਾਨ ਜ਼ਿਲ੍ਹਾ ਕਨਵੀਨਰਾਂ ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ, ਮੁਲਖਰਾਜ ਸ਼ਰਮਾ ਤੇ ਅਜੀਤ ਸਿੰਘ ਬਰਨਾਲਾ ਦੀ ਅਗਵਾਈ ਵਿੱਚ ਮੁਲਾਜ਼ਮਾਂ ਵੱਲੋਂ ਤਨਖਾਹ ਕਮਿਸ਼ਨ ਦੀ ਰਿਪੋਰਟ ਅਤੇ ਨੋਟੀਫਿਕੇਸ਼ਨ ਜਾਰੀ ਕਰਨ ਦੇ ਵਿਰੋਧ ਵਿੱਚ ਤੇ ਲਟਕਦੀਆਂ ਮੰਗਾਂ ਮੰਨਵਾਉਣ ਲਈ ਡੀਸੀ ਦਫਤਰ ਸਾਹਮਣੇ ਰੋਹ ਭਰਪੂਰ ਪ੍ਰਦਰਸ਼ਨ ਕਰਨ ਉਪਰੰਤ ਚੰਡੀਗੜ੍ਹ ਚੌਕ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਇਸ ਮੌਕੇ ਮੁਲਾਜ਼ਮ ਆਗੂ ਕੁਲਦੀਪ ਸਿੰਘ ਦੌੜਕਾ ਤੇ ਅਜੈ ਕੁਮਾਰ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਰਹੀ ਹੈ। ਸਾਂਝੇ ਫਰੰਟ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨਾਂ ਦੇ ਸਿੱਟੇ ਵਜੋਂ ਸਰਕਾਰ ਨੂੰ ਮਜਬੂਰੀ ਵੱਸ ਕਮੇਟੀਆਂ ਦਾ ਗਠਨ ਕਰਨਾ ਪਿਆ ਜੋ ਤਨਖਾਹਾਂ ਵਿੱਚ ਵਾਧੇ ਸਬੰਧੀ ਕੈਬਨਿਟ ਸਬ ਕਮੇਟੀ ਨੂੰ ਰਿਪੋਰਟ ਦੇਵੇਗੀ ਪਰ ਸਰਕਾਰ ਨੇ ਉਸ ਤੋਂ ਪਹਿਲਾਂ ਹੀ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੋਟੀਫਿਕੇਸ਼ਨ ਕਰਕੇ ਮਸਲੇ ਹੱਲ ਨਾ ਕਰਨ ਦਾ ਸੰਕੇਤ ਦੇ ਦਿੱਤਾ ਹੈ। ਜਿਸ ਨੂੰ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਤਕ ਤਿੱਖੇ ਸੰਘਰਸ਼ ਜਾਰੀ ਰੱਖਣਗੇ। ਇਲ ਮੌਰੇ ਉਨ੍ਹਾਂ 29 ਜੁਲਾਈ ਨੂੰ ਪਟਿਆਲਾ ਰੈਲੀ ਵਿੱਚ ਸਮੂਹ ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ।
ਤਰਨ ਤਾਰਨ (ਪੱਤਰ ਪ੍ਰੇਰਕ): ਸੂਬਾ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨਾਲ ਮੁਲਾਜ਼ਮਾਂ ਦੇ ਨਾਲ ਅਧਿਕਾਰੀਆਂ ਤੱਕ ਨੂੰ ਵੀ ਸੇਕ ਲਗਾਇਆ ਹੈ, ਜਿਸ ਕਰਕੇ ਏਅਰ ਕੰਡੀਸ਼ਨ (ਏਸੀ) ਕਮਰਿਆਂ ਵਿੱਚ ਬੈਠਣ ਵਾਲੇ ਅਧਿਕਾਰੀ ਵੀ ਤਿੱਖੀ ਗਰਮੀ ਵਿੱਚ ਦਿਨ ਭਰ ਰੋਸ ਧਰਨਿਆਂ ’ਤੇ ਬੈਠ ਰਹੇ ਹਨ| ਤਨਖਾਹ ਕਮਿਸ਼ਨ ਦੀਆਂ ਸਿਫਰਿਸ਼ਾਂ ਖਿਲਾਫ਼ ਅੱਜ ਇਥੇ ਜ਼ਿਲ੍ਹੇ ਦੇ ਸਾਰੇ ਅੱਠ ਬਲਾਕਾਂ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ (ਬੀਡੀਪੀਓਜ਼) ਨੇ ਵੀ ਅੱਜ ਇਥੇ ਡੀਡੀਪੀਓ ਦੇ ਦਫਤਰ ਸਾਹਮਣੇ ਧਰਨਾ ਦਿੱਤਾ| ਅਧਿਕਾਰੀਆਂ ਦੋਸ਼ ਲਗਾਇਆ ਕਿ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨਾਲ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵੱਡਾ ਖੋਰਾ ਲਗਾਇਆ ਜਾ ਰਿਹਾ ਹੈ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਾਲ ਸਿੰਘ ਨੇ ਕਿਹਾ ਕਿ ਜਥੇਬੰਦੀ ਨੇ ਨਿਆਂ ਮਿਲਣ ਤੱਕ ਆਪਣਾ ਅੰਦੋਲਨ ਜਾਰੀ ਰੱਖਨ ਦਾ ਨਿਰਣਾ ਲਿਆ ਹੈ|
ਪੇਅ-ਕਮਿਸ਼ਨ ਖ਼ਿਲਾਫ਼ ਡੈਮ ਮੁਲਾਜ਼ਮਾਂ ਵੱਲੋਂ ਧਰਨਾ
ਪਠਾਨਕੋਟ (ਐੱਨ.ਪੀ ਧਵਨ): ਸਾਂਝੇ ਫਰੰਟ ਵੱਲੋਂ ਅੱਜ ਮੁੱਖ ਇੰਜਨੀਅਰ ਦਫ਼ਤਰ ਦੇ ਮੂਹਰੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਧਰਨਾ ਦਿੱਤਾ। ਇਸ ਰੋਸ ਧਰਨੇ ਨੂੰ ਗੁਰਨਾਮ ਸਿੰਘ ਸੈਣੀ, ਚਰਨ ਕਮਲ ਸ਼ਰਮਾ, ਓਪੀ ਵਰਮਾ, ਸਲਵਿੰਦਰ ਸਿੰਘ ਲਾਧੂਪੁਰ, ਗੁਰਨਾਮ ਸਿੰਘ ਮਟੌਰ ਨੇ ਸੰਬੋਧਨ ਕੀਤਾ। ਸਮੂਹ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੇ ਇੱਕ ਪਾਸੇ ਉਨ੍ਹਾਂ ਨੂੰ 2.59 ਅਨੁਪਾਤ ਦੀ ਦਰ ਤੋਂ ਤਨਖਾਹ ਵਿੱਚ ਵਾਧਾ ਕਰਨ ਲਈ ਭਰੋਸਾ ਦਿੱਤਾ ਸੀ ਪਰ ਹੁਣ 2.25 ਅਨੁਪਾਤ ਨਾਲ ਹੀ ਤਨਖਾਹ ਵਾਧਾ ਕਰਨ ਲਈ ਨੋਟੀਫੀਕੇਸ਼ਨ ਕੱਢੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਤਨਖਾਹ ਵਿੱਚ 2.59 ਅਨੁਪਾਤ ਨਾਲ ਵਾਧਾ ਕੀਤਾ ਜਾਵੇ।
ਜਲ ਸਰੋਤ ਮੁਲਾਜ਼ਮਾਂ ਵੱਲੋਂ ਗੇਟ ਰੈਲੀ
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਮੁਲਾਜ਼ਮਾਂ ਵਲੋਂ ਪੰਜਾਬ ਜਲ ਸਰੋਤ ਐਂਪਲਾਈਜ਼ ਯੂਨੀਅਨ (ਟੇਵੂ) ਦੀ ਅਗਵਾਈ ਹੇਠ ਅੱਜ ਦੂਜੇ ਦਿਨ ਵੀ ਕਲਮਛੋੜ ਹੜਤਾਲ ਕੀਤੀ ਗਈ। ਪੰਜਾਬ ਯੂ.ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ ’ਤੇ ਜਲ ਸਰੋਤ ਮੁਲਾਜ਼ਮਾਂ ਵਲੋਂ ਸਰਕਲ ਦਫ਼ਤਰ ਵਿੱਚ ਗੇਟ ਰੈਲੀ ਕੀਤੀ ਗਈ। ਇਸ ਵਿਚ ਸੰਚਾਲਨ ਤੇ ਸੰਭਾਲ ਮੰਡਲ ਅਤੇ ਸਰਕਲ ਦਫ਼ਤਰ ਦੇ ਮੁਲਾਜ਼ਮਾਂ ਨੇ ਭਾਗ ਲਿਆ। ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤੀਸ਼ ਰਾਣਾ ਨੇ ਕਿਹਾ ਕਿ ਅੱਜ ਦੂਜੇ ਦਿਨ ਵੀ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਮੁਲਾਜ਼ਮਾਂ ਵਲੋਂ ਮੁਕੰਮਲ ਕੰਮ ਠੱਪ ਰੱਖਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਸੋਧ ਕੇ ਦੁਬਾਰਾ ਲਾਗੂ ਕੀਤਾ ਜਾਵੇ।