ਪਾਲ ਸਿੰਘ ਨੌਲੀ
ਜਲੰਧਰ, 26 ਜਨਵਰੀ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਸਹੀ ਦਿਸ਼ਾ ਵੱਲ ਵਧ ਰਹੀ ਹੈ ਅਤੇ ਹਰ ਖੇਤਰ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਲਈ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ। ਇੱਥੇ 75ਵੇਂ ਗਣਤੰਤਰ ਦਿਵਸ ਸਮਾਗਮ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਆਪਣੇ ਸੰਬੋਧਨ ਵਿੱਚ ਵਿੱਤ ਮੰਤਰੀ ਸ੍ਰੀ ਚੀਮਾ ਨੇ ਕਿਹਾ ਕਿ ਸੂਬੇ ਦੀ ਵਿੱਤੀ ਹਾਲਤ ਨੂੰ ਮਜ਼ਬੂਤ ਬਣਾਉਣ ਲਈ ਹਰ ਕਦਮ ਚੁੱਕਿਆ ਜਾ ਰਿਹਾ ਹੈ ਅਤੇ ਮਾਰਚ 2022 ਵਿੱਚ ‘ਆਪ’ ਸਰਕਾਰ ਦੇ ਗਠਨ ਤੋਂ ਬਾਅਦ ਬਿਹਤਰ ਯੋਜਨਾਬੰਦੀ ਅਤੇ ਅਸਰਦਾਰ ਨੀਤੀਆਂ ਸਦਕਾ ਰਿਕਾਰਡ ਟੈਕਸ ਇਕੱਤਰ ਕੀਤਾ ਗਿਆ ਹੈਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਨੇ ਜੀ.ਐੱਸ.ਟੀ. ਤੋਂ ਪ੍ਰਾਪਤ ਮਾਲੀਏ ਵਿੱਚ 16.52 ਫੀਸਦੀ ਅਤੇ ਐਕਸਾਈਜ਼ ਤੋਂ ਪ੍ਰਾਪਤ ਮਾਲੀਏ ਵਿੱਚ 10.4 ਫੀਸਦੀ ਵਾਧਾ ਦਰਜ ਕੀਤਾ ਹੈ। ਗਣਤੰਤਰ ਦਿਵਸ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ੍ਰੀ ਚੀਮਾ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਵਿੱਤ ਮੰਤਰੀ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਜਿਨ੍ਹਾਂ ਵਿੱਚ ਹਰਚਰਨ ਕੌਰ, ਚਰਨਜੀਤ ਕੌਰ, ਹਰਪ੍ਰੀਤ ਕੌਰ, ਸਤਵਿੰਦਰ ਕੌਰ ਅਤੇ ਹਰਜਿੰਦਰ ਕੌਰ ਸ਼ਾਮਲ ਹਨ, ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਵਿੱਤ ਮੰਤਰੀ ਵਲੋਂ ਲੋੜਵੰਦਾਂ ਨੂੰ ਟਰਾਈਸਾਈਕਲ ਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ ਗਈ।
ਦੀਨਾਨਗਰ (ਸਰਬਜੀਤ ਸਾਗਰ): ਸਿਟੀ ਕਾਂਗਰਸ ਅਤੇ ਸੇਵਾ ਦਲ ਵੱਲੋਂ 75ਵਾਂ ਗਣਤੰਤਰ ਦਿਵਸ ਬੱਸ ਸਟੈਂਡ ’ਤੇ ਮਨਾਇਆ ਗਿਆ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕਾ ਅਰੁਨਾ ਚੌਧਰੀ ਨੇ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਨੂੰ ਨਮਨ ਕਰਦਿਆਂ ਕਿਹਾ ਕਿ ਡਾ. ਅੰਬੇਡਕਰ ਦੀ ਬਦੌਲਤ ਹੀ ਸਾਨੂੰ ਦੇਸ਼ ਅੰਦਰ ਬਰਾਬਰਤਾ ਦਾ ਅਧਿਕਾਰ ਮਿਲਿਆ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਉਹ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਦੇਸ਼ ਦੀਆਂ ਸਰਹੱਦਾਂ ਦੇ ਰਾਖਿਆਂ ਦੀ ਬਹਾਦਰੀ ਨੂੰ ਵੀ ਨਮਨ ਕੀਤਾ। ਸੀਨੀਅਰ ਨੇਤਾ ਅਸ਼ੋਕ ਚੌਧਰੀ ਨੇ ਵੀ ਸਮੂਹ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਇਸ ਤੋਂ ਪਹਿਲਾਂ ਦੇਸ਼ ਭਗਤੀ ’ਤੇ ਅਧਾਰਿਤ ਪ੍ਰੋਗਰਾਮ ਪੇਸ਼ ਕਰਨ ਵਾਲੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੂੰ ਵਿਧਾਇਕਾ ਅਰੁਨਾ ਚੌਧਰੀ ਨੇ ਸਨਮਾਨਿਤ ਕੀਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨੀਟੂ ਚੌਹਾਨ, ਅਮਰਜੀਤ ਅੰਬੀ, ਸਿਟੀ ਪ੍ਰਧਾਨ ਮਨੋਜ ਗੁਪਤਾ, ਰਛਪਾਲ ਸਿੰਘ ਹੈਪੀ, ਕੌਂਸਲਰ ਅਜੇ ਸਟਾਰ ਅਤੇ ਕੈਪਟਨ ਸ਼ੇਰ ਸਿੰਘ ਹਾਜ਼ਰ ਸਨ।
ਪਠਾਨਕੋਟ (ਪੱਤਰ ਪ੍ਰੇਰਕ): ਸਪੋਰਟਸ ਸਟੇਡੀਅਮ ਲਮੀਨੀ ਵਿੱਚ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੌਮੀ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਅੰਦਰ ਸਰਨਾ ਵਿੱਚ 8 ਕਰੋੜ ਰੁਪਏ ਦੀ ਲਾਗਤ ਨਾਲ ਸਰਕਟ ਹਾਊਸ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਇਸੇ ਤਰ੍ਹਾਂ 7 ਕਰੋੜ 29 ਲੱਖ ਰੁਪਏ ਨਾਲ ਗੁਰਦੁਆਰਾ ਬਾਰਠ ਸਾਹਿਬ ਨੂੰ ਜਾਂਦੀ ਸੜਕ ’ਤੇ 61.50 ਮੀਟਰ ਹਾਈ ਲੈਵਲ ਪੁਲ ਦੀ ਉਸਾਰੀ ਕੀਤੀ ਗਈ ਹੈ, ਸੁਜਾਨਪੁਰ ਵਿੱਚ ਕਰੀਬ 13.50 ਕਰੋੜ ਨਾਲ ਸਰਕਾਰੀ ਕਾਲਜ ਸੁਜਾਨਪੁਰ ਦੀ ਉਸਾਰੀ ਦਾ ਕੰਮ ਕਰਵਾਇਆ ਜਾ ਰਿਹਾ ਹੈ, ਆਈਟੀਆਈ ਨਿਆੜੀ ਦੀ ਉਸਾਰੀ 843.31 ਲੱਖ ਰੁਪਏ ਨਾਲ ਕੀਤੀ ਜਾ ਰਹੀ ਹੈ।
ਨਵਾਂ ਸ਼ਹਿਰ (ਲਾਜਵੰਤ ਲਾਜ): ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ, ਖਣਨ ਤੇ ਭੂ-ਵਿਗਿਅਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਈਟੀਆਈ ਗਰਾਊਂਡ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਵਿਧਾਇਕ ਸੰਤੋਸ਼ ਕਟਾਰੀਆ, ਵਿਧਾਇਕ ਨਵਾਂ ਸ਼ਹਿਰ ਨਛੱਤਰ ਪਾਲ, ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਐੱਸ.ਐੱਸ.ਪੀ. ਡਾ. ਅਖਿਲ ਚੌਧਰੀ, ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਚੇਚੀ ਜਲਾਲਪੁਰ ਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਸਤਨਾਮ ਸਿੰਘ ਜਲਵਾਹਾ ਆਦਿ ਮੌਜੂਦ ਸਨ।
ਜੌੜਾਮਾਜਰਾ ਵੱਲੋਂ ਖਟਕੜ ਕਲਾਂ ’ਚ ਸ਼ਹੀਦੀ ਸਮਾਰਕ ’ਤੇ ਨਮਨ
ਬੰਗਾ (ਸੁਰਜੀਤ ਮਜਾਰੀ): ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਪੁੱਜ ਕੇ ਸ਼ਹੀਦੀ ਸਮਾਰਕ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਡਕਰ ਦੀ ਦੇਣ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਲੜਕੀਆਂ ਦੀ ਜਨਮ ਦਰ 1000 ਲੜਕਿਆਂ ਦੇ ਮੁਕਾਬਲੇ 963 ਹੈ, ਜੋ ਕਿ ਸੂਬੇ ਵਿੱਚ ਪਹਿਲੇ ਸਥਾਨ ’ਤੇ ਹੈ। ਕੌਮੀ ਝੰਡਾ ਲਹਿਰਾਉਣ ਤੋਂ ਪਹਿਲਾਂ ਸ੍ਰੀ ਜੌੜਾਮਾਜਰਾ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਬੁੱਤ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ’ਤੇ ਨਤਮਸਤਕ ਹੋਏ। ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ ਵੀ ਮੌਜੂਦ ਸਨ।
ਨੌਕਰੀਓਂ ਕੱਢੇ ਮੁਲਾਜ਼ਮਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਮਨਾਇਆ ਗਣਤੰਤਰ ਦਿਵਸ
ਪੱਟੀ (ਪੱਤਰ ਪ੍ਰੇਰਕ): ਗਣਤੰਤਰ ਦਿਵਸ ਮੌਕੇ ਨੌਕਰੀ ਤੋਂ ਕੱਢੇ ਮੁਲਾਜ਼ਮਾਂ ਦੀ ਮੁੜ ਬਹਾਲੀ ਦੀ ਮੰਗ ਲਈ ਪਨਬਸ ਤੇ ਪੀਆਰਟੀਸੀ ਦੇ ਵਰਕਰਾਂ ਵੱਲੋਂ ਸਿਰ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਪੱਟੀ ਸ਼ਹਿਰ ’ਚ ‘ਆਪ’ ਸਰਕਾਰ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਖ਼ਿਲਾਫ਼ ਰੋਸ ਮਾਰਚ ਕਰਦਿਆਂ ਸ਼ਹਿਰ ਦੇ ਕੁੱਲਾ ਚੌਕ ਅੰਦਰ ਰੋਸ ਧਰਨਾ ਦਿੱਤਾ ਗਿਆ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਹ ‘ਆਪ’ ਸਰਕਾਰ ਤੋਂ ਆਪਣੇ ਹੱਕ ਲੈਣ ਲਈ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਘਰ ਅੱਗੇ ਪਿਛਲੇ ਤਿੰਨ ਦਿਨਾਂ ਤੋਂ ਪੱਕੇ ਮੋਰਚੇ ਦੇ ਬੈਠੇ ਹਨ ਪਰ ਮੰਤਰੀ ਵੱਲੋਂ ਉਨ੍ਹਾਂ ਨਾਲ ਮੀਟਿੰਗ ਕਰਨ ਲਈ ਕੋਈ ਸਮਾਂ ਨਹੀਂ ਦਿੱਤਾ ਜਾ ਰਿਹਾ। ਰੋਸ ਮਾਰਚ ਨੂੰ ਸਮਰਥਨ ਦੇਣ ਪਹੁੰਚੇ ਕਸਾਨ ਯੁਨੀਅਨ ਉਗਰਾਹਾਂ ਦੇ ਆਗੂ ਗੁਰਬਾਜ਼ ਸਿੰਘ ਸਿੱਧਵਾਂ, ਸੋਹਣ ਸਿੰਘ ਸਭਰਾ, ਜਨਤਕ ਜਥੇਬੰਦੀਆਂ ਦੇ ਆਗੂ ਨਛੱਤਰ ਸਿੰਘ, ਹਰਭਜਨ ਸਿੰਘ ਅਤੇ ਰੇਸ਼ਮ ਸਿੰਘ ਘਰੁਕਵਿੰਡ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਨੌਜਵਾਨਾਂ ਨੂੰ ਮੁੜ ਨੌਕਰੀ ’ਤੇ ਬਹਾਲ ਕਰੇ।