ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 9 ਜੁਲਾਈ
ਕਰੋਨਾ ਕਰਕੇ ਲੰਮੇ ਸਮੇਂ ਬਾਅਦ ਹੋਈ ਜ਼ਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੌਰਾਨ ਮੈਡੀਕਲ ਸਿੱਖਿਆ ਬਾਰੇ ਮੰਤਰੀ ਓਪੀ ਸੋਨੀ ਨੇ ਜ਼ਿਲ੍ਹਾ ਖੁਰਾਕ ਦੇ ਸਿਵਲ ਸਪਲਾਈ ਵਿਭਾਗ ਵਿਰੁੱਧ ਪ੍ਰਾਪਤ ਹੋਈਆਂ ਸ਼ਿਕਾਇਤਾਂ ’ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੁਝ ਡਿੱਪੂ ਧਾਰਕਾਂ ਵੱਲੋਂ ਲੋੜਵੰਦਾਂ ਨੂੰ ਘੱਟ ਗਿਣਤੀ ਵਿੱਚ ਕਣਕ ਸਪਲਾਈ ਕੀਤੀ ਜਾ ਰਹੀ ਹੈ, ਜਿਨ੍ਹਾਂ ਖ਼ਿਲਾਫ਼ ’ਤੇ ਕਾਰਵਾਈ ਕੀਤੀ ਜਾਵੇ। ਡਿੱਪੂਆਂ ਵਿਚ ਵੰਡੀ ਜਾਣ ਵਾਲੀ ਕਣਕ ਤੇ ਤੇਲ ਵਿਚ ਜੇ ਕੋਈ ਕਮੀ ਪਾਈ ਗਈ ਤਾਂ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਵੇਗਾ ਅਤੇ ਉਸ ਡਿੱਪੂ ਨੂੰ ਵੀ ਤੁਰੰਤ ਰੱਦ ਕੀਤਾ ਜਾਵੇਗਾ। ਉਨ੍ਹਾਂ ਸਖ਼ਤ ਲਹਿਜੇ ਵਿਚ ਕਿਹਾ ਕਿ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਗੈਰਹਾਜ਼ਰ ਰਹਿਣ ਵਾਲੇ ਜ਼ਿਲ੍ਹਾ ਅਧਿਕਾਰੀ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ 75 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ 58 ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਕਰ ਦਿੱਤਾ ਗਿਆ ਅਤੇ ਬਾਕੀ ਸ਼ਿਕਾਇਤਾਂ ਨੂੰ ਅਗਲੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਜਿਲਾ ਸ਼ਿਕਾਇਤ ਨਿਵਾਰਨ ਕਮੇਟੀ ਦਾ ਮੁੱਖ ਕੰਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਅਤੇ ਪ੍ਰਸ਼ਾਸਨ ਨੂੰ ਜਵਾਬਦੇਹ ਬਣਾਉਣਾ ਹੈ।