ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 3 ਜੁਲਾਈ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਬਿਆਨ ਰਾਹੀਂ ਕੋਵਿਡ-19 ਦੇ ਬਹਾਨੇ ਨਿੱਜੀਕਰਨ ਖ਼ਿਲਾਫ਼ ਮੋਦੀ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨਾਂ ਨੇੇ 74 ਕੋਲਾ ਕੰਪਨੀਆਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦਾ ਵਿਰੋਧ ਕਰਦਿਆਂ ਟਰੇਡ ਯੂਨੀਅਨਾਂ ਵੱਲੋਂ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦੀ ਹਮਾਇਤ ਦਾ ਐਲਾਨ ਕੀਤਾ ਹੈ। ਰੇਲਵੇ ਵਿਭਾਗ ਵਿੱਚ ਨਿੱਜੀਕਰਨ ਕਰਦਿਆਂ 109 ਰੂਟਾਂ ਉੱਤੇ 154 ਰੇਲ ਗੱਡੀਆਂ ਚਲਾਉਣ ਲਈ ਨਿੱਜੀ ਕੰਪਨੀਆਂ ਨੂੰ ਖੁੱਲ੍ਹ ਦੇਣ ਨੂੰ ਵੀ ਦੇਸ਼ ਭਰ ਦੇ ਯਾਤਰੀਆਂ ਲਈ ਖ਼ਤਰੇ ਦੀ ਘੰਟੀ ਦੱਸਿਆ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਆਰਥਿਕ ਸੋਮਿਆਂ ਨੂੰ ਕਾਰਪੋਰੇਟ ਜਗਤ ਦੇ ਹਵਾਲੇ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਨਤਕ ਅਦਾਰੇ ਜੋ ਜਨਤਾ ਦੇ ਪੈਸੇ ਨਾਲ ਬਣੇ ਹਨ, ਸਰਕਾਰ ਇਨ੍ਹਾਂ ਸਾਰਿਆਂ ਦਾ ਭੋਗ ਪਾ ਕੇ ਜਨਤਾ ਨੂੰ ਮਿਲਦੀਆਂ ਸਹੂਲਤਾਂ ਬੰਦ ਕਰਨ ਦਾ ਰਾਹ ਪੱਧਰਾ ਕਰ ਰਹੀ ਹੈ।