ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 21 ਫਰਵਰੀ
ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਨਿਰੰਤਰ ਹੋ ਰਹੇ ਵਾਧੇ ਖਿਲਾਫ ਅੱਜ ਆਮ ਆਦਮੀ ਪਾਰਟੀ ਨੇ ਇਥੇ ਰੋਸ ਮਾਰਚ ਕਰਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਹੈ।
‘ਆਪ’ ਦੇ ਕਾਰਕੁਨਾਂ ਨੇ ਡੀਜ਼ਲ ਤੇ ਪੈਟਰੋਲ ਨਾਲ ਭਰੀਆਂ ਬੋਤਲਾਂ ਅਤੇ ਰਸੋਈ ਗੈਸ ਦਾ ਸਿਲੰਡਰ ਚੁੱਕਿਆ ਹੋਇਆ ਸੀ। ਉਨ੍ਹਾਂ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਪਾਰਟੀ ਕਾਰਕੁਨਾਂ ਨੇ ਇਕੱਠੇ ਹੋ ਕੇ ਇਥੇ ਲਾਰੇਂਸ ਰੋਡ ਵਿਖੇ ਨਹਿਰੂ ਸ਼ਾਪਿੰਗ ਕੰਪਲੈਕਸ ਵਿਚ ਰੋਸ ਵਿਖਾਵਾ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਲਾਰੇਂਸ ਰੋਡ ਵਿਖੇ ਰੋਸ ਮਾਰਚ ਕੀਤਾ। ਪਾਰਟੀ ਦੇ ਜ਼ਿਲਾ ਪ੍ਰਧਾਨ ਪਰਮਿੰਦਰ ਸਿੰਘ ਸੇਠੀ ਅਤੇ ਨਰੇਸ਼ ਪਾਠਕ ਨੇ ਆਖਿਆ ਕਿ ਤੇਲ ਅਤੇ ਗੈਸ ਦੀਆਂ ਕੀਮਤਾਂ ਵਿਚ ਨਿਰੰਤਰ ਵਾਧੇ ਕਾਰਨ ਆਮ ਲੋਕ ਪ੍ਰਭਾਵਿਤ ਹੋ ਰਹੇ ਹਨ। ਇਸ ਮਹੀਨੇ ਵਿਚ ਲਗਪਗ 12 ਵਾਰ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਕੀਮਤਾਂ ਵਧਣ ਕਾਰਨ ਕਾਰੋਬਾਰ ਪ੍ਰਭਾਵਿਤ ਹੋ ਰਹੇ ਹਨ। ਪਹਿਲਾਂ ਹੀ ਕਰੋਨਾ ਕਾਰਨ ਕਾਰੋਬਾਰ ਠੱਪ ਹਨ। ਲੋਕ ਆਪਣੇ ਰੁਜ਼ਗਾਰ ਗੁਆ ਚੁੱਕੇ ਹਨ।
ਹੁਣ ਸਰਕਾਰ ਦੀਆਂ ਨੀਤੀਆਂ ਕਾਰਨ ਵਧ ਰਹੀ ਮਹਿੰਗਾਈ ਨੇ ਲੋਕਾਂ ਦੀ ਕਮਰ ਤੋੜ ਦਿੱਤੀ ਹੈ। ਇਸ ਮੌਕੇ ਬੁਲਾਰਿਆਂ ਨੇ ਕੇਂਦਰ ਸਰਕਾਰ ਕੋਲੋਂ ਤੇਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਵਾਪਸ ਲੈਣ, ਟੈਕਸ ਅਤੇ ਸੈਸ ਵਿਚ ਛੋਟ ਦੇਣ ਦੀ ਮੰਗ ਕੀਤੀ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰ ਦੋਵਾਂ ਦੀਆਂ ਨੀਤੀਆਂ ਦੀ ਕਰੜੀ ਆਲੋਚਨਾ ਕੀਤੀ।
ਬਲਾਚੌਰ (ਸੁਭਾਸ਼ ਜੋਸ਼ੀ): ਸੀ.ਪੀ.ਆਈ.(ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪੈਟਰੋਲ-ਡੀਜ਼ਲ ਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਵਿਰੁੱਧ ਪਾਰਟੀ ਵਲੋਂ 28 ਫਰਵਰੀ ਤੱਕ ਪੰਜਾਬ ਭਰ ਵਿੱਚ ਪੈਟਰੋਲੀਅਮ ਮੰਤਰੀ ਤੇ ਮੋਦੀ ਸਰਕਾਰ ਦੇ ਤਹਿਸੀਲ ਪੱਧਰ ’ਤੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਸਾਰੀਆਂ ਬਰਾਂਚਾਂ ਇਸ ਸੱਦੇ ਨੂੰ ਗੰਭੀਰਤਾ ਨਾਲ ਲੈਣ। ਕਾਮਰੇਡ ਸੇਖੋਂ ਨੇ ਕਿਹਾ ਕਿ ਜਦੋਂ ਤੋਂ ਮੋਦੀ ਸਰਕਾਰ ਨੇ ਸੱਤਾ ਸੰਭਾਲੀ ਹੈ ਪੈਟਰੋਲੀਅਮ ਉਤਪਾਦਾਂ ਦੀਆਂ ਕੀਮਤਾਂ ਵਿੱਚ ਵਾਧਾ ਲਗਾਤਾਰ ਜਾਰੀ ਹੈ। ਹੁਣ ਮੋਦੀ ਸਰਕਾਰ ਨੇ ਪੈਟਰੋਲੀਅਮ ਉਤਪਾਦਾਂ ’ਚ ਐਕਸਾਈਜ਼ ਡਿਊਟੀ ਵਿੱਚ ਨਵਾਂ ਵਾਧਾ ਕਰਕੇ ਲੋਕਾਂ ’ਤੇ ਇੱਕ ਹੋਰ ਆਰਥਿਕ ਬੋਝ ਲੱਦ ਦਿੱਤਾ ਹੈ। ਉਨ੍ਹਾਂ ਕਿਹਾ ਕਿ ਐਕਸਾਇਜ਼ ਡਿਊਟੀਆਂ ਵਿੱਚ ਇਹ ਵਾਧਾ ਅਜਿਹੇ ਸਮੇਂ ਵਿੱਚ ਹੋਇਆ ਹੈ ਜਦੋਂ ਕੌਮਾਂਤਰੀ ਮੰਡੀ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਡਿੱਗੀਆਂ ਹਨ। ਇਹ ਸਾਲ 2014 ਦੇ ਮੁਕਾਬਲੇ 50 ਫੀਸਦੀ ਘੱਟ ਹਨ। ਕਾਮਰੇਡ ਸੇਖੋਂ ਨੇ ਕਿਹਾ ਕਿ ਆਬਕਾਰੀ ਡਿਊਟੀਆਂ ਵਿੱਚ ਇਹ ਵਾਧਾ ਸਪੱਸ਼ਟ ਤੌਰ ’ਤੇ ਕਾਰਪੋਰੇਟਾਂ ਅਤੇ ਆਮਦਨ ਟੈਕਸ ਅਦਾਕਾਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਟੈਕਸ ਰਿਆਇਤਾਂ ਕਾਰਨ ਸਰਕਾਰੀ ਮਾਲੀਏ ਨੂੰ ਹੋਏ ਨੁਕਸਾਨ ਦੀ ਪੂਰਤੀ ਲਈ ਕੀਤਾ ਗਿਆ ਹੈ। ਕਾਮਰੇਡ ਸੇਖੋਂ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਅਮੀਰਾਂ ਨੂੰ ਫਾਇਦੇ ਪਹੁੰਚਾਉਣ ਲਈ ਇਨ੍ਹਾਂ ਆਬਕਾਰੀ ਡਿਊਟੀਆਂ ਵਿੱਚ ਵਾਧਾ ਕਰਕੇ ਲੋਕਾਂ ਤੇ ਹੋਰ ਬੋਝ ਪਾਉਣ ਦੀ ਕੋਸ਼ਿਸ਼ ਕੀਤੀ ਹੈ, ਜੋ ਪਹਿਲਾਂ ਹੀ ਮਹਾਮਾਰੀ ਅਤੇ ਆਰਥਿਕ ਮੰਦੀ ਕਾਰਨ ਆਪਣੀ ਰੋਜ਼ੀ ਰੋਟੀ ’ਤੇ ਦੋਹਰੇ ਭਿਆਨਕ ਹਮਲੇ ਤੋਂ ਦੁੱਖੀ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਇਹ ਵਾਧਾ ਤੁਰੰਤ ਵਾਪਸ ਲਵੇ।