ਪੱਤਰ ਪ੍ਰੇਰਕ
ਪਠਾਨਕੋਟ, 25 ਅਕਤੂਬਰ
ਸੁਜਾਨਪੁਰ ਵਿਧਾਨ ਸਭਾ ਖੇਤਰ ਦੇ ਧਾਰ ਬਲਾਕ ਦੇ ਕਮਿਊਨਿਟੀ ਹੈਲਥ ਸੈਂਟਰ ਬੁੰਗਲ ਵਿੱਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀ ਘਾਟ ਨੂੰ ਦੂਰ ਕਰਨ ਲਈ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਨੇ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੂੰ ਪੱਤਰ ਲਿਖਿਆ ਹੈ। ਠਾਕੁਰ ਅਮਿਤ ਸਿੰਘ ਮੰਟੂ ਨੇ ਦੱਸਿਆ ਕਿ ਕਮਿਊਨਿਟੀ ਹੈਲਥ ਸੈਂਟਰ ਵਿੱਚ ਐੱਮਡੀ ਮੈਡੀਸਿਨ, ਮਾਹਿਰ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੇ ਅਹੁਦੇ ਖਾਲੀ ਪਏ ਹਨ, ਜਿਸ ਕਰਕੇ ਨੀਮ ਪਹਾੜੀ ਖੇਤਰ ਦੇ ਲੋਕਾਂ ਨੂੰ ਸਹੀ ਸਿਹਤ ਸਹੂਲਤਾਂ ਮੁਹੱਈਆ ਨਹੀਂ ਹੋ ਰਹੀਆਂ ਅਤੇ ਉਨ੍ਹਾਂ ਨੂੰ ਇਲਾਜ ਕਰਵਾਉਣ ਲਈ ਪਠਾਨਕੋਟ ਦੇ ਸਿਵਲ ਹਸਪਤਾਲ ਆਉਣਾ ਪੈਂਦਾ ਹੈ। ਇਸ ਲਈ ਉਨ੍ਹਾਂ ਸਿਹਤ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਕਮਿਊਨਿਟੀ ਹੈਲਥ ਸੈਂਟਰ ਵਿੱਚ ਮਾਹਿਰ ਡਾਕਟਰਾਂ ਦੀ ਘਾਟ ਨੂੰ ਦੂਰ ਕੀਤਾ ਜਾਵੇ ਅਤੇ ਪੈਰਾ ਮੈਡੀਕਲ ਸਟਾਫ ਦੇ ਖਾਲੀ ਪਏ ਅਹੁਦਿਆਂ ਨੂੰ ਪਹਿਲ ਦੇ ਆਧਾਰ ’ਤੇ ਭਰਿਆ ਜਾਵੇ। ਇਸ ਮੌਕੇ ਰੂਪ ਲਾਲ, ਸਾਬਕਾ ਸਰਪੰਚ ਸੁਗਰੀਵ ਸਿੰਘ, ਗੁਰਨਾਮ ਸਿੰਘ, ਅਭਿਸ਼ੇਕ ਸਲਾਰੀਆ, ਬਲਵਿੰਦਰ ਸਿੰਘ, ਰਾਕੇਸ਼ ਸ਼ਰਮਾ, ਕਰਨ ਸਿੰਘ, ਸ਼ਿਸ਼ੂਪਾਲ ਸਿੰਘ ਆਦਿ ਹਾਜ਼ਰ ਸਨ।