ਗੁਰਬਖਸ਼ਪੁਰੀ
ਤਰਨ ਤਾਰਨ, 21 ਜੂਨ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਵਿੱਚ ਸਰਹੱਦੀ ਖੇਤਰ ਦੇ ਪਿੰਡ ਸਭਰਾ ਦੇ ਗੁਰਦੁਆਰਾ ਬਾਬਾ ਕਾਹਨ ਸਿੰਘ ਵਿੱਚ ਕਿਸਾਨਾਂ-ਮਜ਼ਦੂਰਾਂ ਸਣੇ ਹੋਰਨਾਂ ਵਰਗਾਂ ਦੇ ਲੋਕਾਂ ਦੀਆਂ ਮੰਗਾਂ ਸਬੰਧੀ ਕੀਤੀ ਇਕੱਤਰਤਾ ਦੌਰਾਨ ਕੇਂਦਰ ਅਤੇ ਸੂਬਾ ਸਰਕਾਰ ਦੀ ਅਰਥੀ ਸਾੜੀ ਗਈ| ਜਥੇਬੰਦੀ ਦੇ ਆਗੂ ਜਥੇਦਾਰ ਹਰਦੀਪ ਸਿੰਘ, ਬਲਕਾਰ ਸਿੰਘ ਦੋਧੀ ਅਤੇ ਗੁਰਦਿਆਲ ਸਿੰਘ ਜੋਤੀਸ਼ਾਹ ਨੇ ਇਕੱਤਰਤਾ ਦੀ ਪ੍ਰਧਾਨਗੀ ਕੀਤੀ| ਬੁਲਾਰਿਆਂ ਪੰਜਾਬ ਸਰਕਾਰ ਵੱਲੋਂ ਤਰਨ ਤਾਰਨ ਜ਼ਿਲ੍ਹੇ ਨੂੰ ਪੁਲੀਸ ਜ਼ੋਨ ਅੰਮ੍ਰਿਤਸਰ ਨਾਲੋਂ ਤੋੜ ਕੇ ਫਿਰੋਜ਼ਪੁਰ ਨਾਲ ਜੋੜਨ ਦੇ ਫ਼ੈਸਲੇ ਨੂੰ ਰੱਦ ਕਰਨ ਮੰਗ ਕੀਤੀ। ਇਸ ਦੌਰਾਨ ਤਿੰਨੋਂ ਆਰਡੀਨੈਂਸ ਵਾਪਸ ਲੈਣ ਦੀ ਵੀ ਮੰਗ ਕੀਤੀ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਜਥੇਬੰਦੀ ਵੱਲੋਂ ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਜ਼ਿਲ੍ਹੇ ਦੇ 36 ਪਿੰਡਾਂ ਅੰਦਰ ਵੀ ਵਿਰੋਧ ਪ੍ਰਦਰਸ਼ਨ ਕਰਕੇ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ।
ਅਟਾਰੀ (ਦਿਲਬਾਗ ਸਿੰਘ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਬਾਉਲੀ ਸਾਹਿਬ ਦੇ ਵੱਖ-ਵੱਖ ਪਿੰਡਾਂ ਜਿਨ੍ਹਾਂ ਵਿੱਚ ਕੱਲੇਵਾਲ, ਖਾਰੇ, ਭਰੋਭਾਲ, ਰਾਜਾਤਾਲ, ਜਠੋਲ, ਹਵੇਲੀਆਂ ਸਮੇਤ ਦਰਜਨਾਂ ਪਿੰਡਾਂ ’ਚ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ। ਇਸ ਮੌਕੇ ਜ਼ੋਨ ਪ੍ਰਧਾਨ ਗੁਰਵਿਦਰ ਸਿਘ ਭਰੋਭਾਲ ਨੇ ਮੰਗ ਕੀਤੀ ਕਿ ਕਿਸਾਨ ਵਿਰੋਧੀ ਇਹ ਕਾਲੇ ਕਾਨੂੰਨ ਤੁਰੰਤ ਰੱਦ ਕੀਤੇ ਜਾਣ।
ਭਿੱਖੀਵਿੰਡ (ਨਰਿੰਦਰ ਸਿੰਘ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਪ੍ਰਧਾਨ ਗੁਰਸਾਹਿਬ ਸਿੰਘ ਪਹੂਵਿੰਡ ਅਤੇ ਜਸਵਿੰਦਰ ਸਿੰਘ ਵੀਰਮ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਮੰਡੀ ਨਿੱਜੀ ਹੱਥਾਂ ਵਿੱਚ ਦਿੱਤੇ ਜਾਣ ਦੇ ਫ਼ੈਸਲੇ ਖ਼ਿਲਾਫ਼ ਬਣਾਏ ਜਾਣ ਵਾਲੇ ਕਾਨੂੰਨ ਵਾਪਸ ਕਰਵਾਉਣ ਵਾਸਤੇ ਸਾਰੇ ਸੂਬੇ ਵਿੱਚ ਕੇਂਦਰ ਦੀ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਮੁਜ਼ਾਹਰੇ ਕੀਤੇ ਗਏ ਹਨ। ਕਿਸਾਨ ਸੁੱਚਾ ਸਿੰਘ ਵੀਰਮ ਨੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਪੈਟਰੋਲ ਅਤੇ ਡੀਜ਼ਲ ਮਹਿੰਗੇ ਕਰਕੇ ਕਿਸਾਨਾਂ ਨੂੰ ਹੋਰ ਖ਼ੁਦਕੁਸ਼ੀਆਂ ਲਈ ਮਜਬੂਰ ਕਰ ਰਹੀ ਹੈ।
ਮੋਦੀ ਸਰਕਾਰ ਕਿਸਾਨ ਵਿਰੋਧੀ: ਸੱਚਰ
ਜੈਂਤੀਪੁਰ (ਜਗਤਾਰ ਸਿੰਘ ਛਿੱਤ): ਕੇਂਦਰ ਦੀ ਮੋਦੀ ਸਰਕਾਰ ਨੇ ਇੱਕ ਵਾਰ ਫਿਰ ਫ਼ਸਲਾਂ ਦੇ ਮੰਡੀਕਰਨ ਸਬੰਧੀ ਪਿਛਲੇ 65 ਸਾਲਾਂ ਦੇ ਚੱਲ ਰਹੇ ਕੰਮ ਕਾਜ ਵਿੱਚ ਵਿਘਨ ਪਾ ਕੇ ਆਰਡੀਨੈਂਸ ਜਾਰੀ ਕਰ ਆਪਣਾ ਕਿਸਾਨ ਵਿਰੋਧੀ ਚਿਹਰਾ ਨੰਗਾ ਕੀਤਾ ਹੈ । ਇਨ੍ਹਾਂ ਸ਼ਬਦਾਂ ਦਾ ਪ੍ਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਪ੍ਧਾਨ ਭਗਵੰਤਪਾਲ ਸਿੰਘ ਸੱਚਰ ਨੇ ਹਲਕਾ ਮਜੀਠਾ ਦੇ ਪਿੰਡ ਘਨਸ਼ਾਹਪੁਰ ਵਿੱਚ ਸਮੁੱਚੀ ਪੰਚਾਇਤ ਨੂੰ ਕਾਂਗਰਸ ਨਾਲ ਜੋੜਨ ਮੌਕੇ ਕੀਤਾ।
ਟਰੱਕ ਯੂਨੀਅਨ ਵੱਲੋਂ ਰੋਸ ਮੁਜ਼ਾਹਰਾ
ਗੜ੍ਹਸ਼ੰਕਰ (ਜੇ.ਬੀ.ਸੇਖੋਂ): ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋ ਰਹੇ ਲਗਾਤਾਰ ਵਾਧੇ ਖ਼ਿਲਾਫ਼ ਅੱਜ ਟਰੱਕ ਯੂਨੀਅਨ ਮਾਹਿਲਪੁਰ ਦੇ ਪ੍ਰਧਾਨ ਬਲਜੀਤ ਸਿੰਘ ਬੈਂਸ ਅਤੇ ਲੇਬਰ ਪਾਰਟੀ ਭਾਰਤ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਦੀ ਅਗਵਾਈ ਹੇਠ ਮਾਹਿਲਪੁਰ ਵਿੱਚ ਕੇਂਦਰ ਸਰਕਾਰ ਵਿਰੁੱਧ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਇਕ ਪਾਸੇ ਵਿਸ਼ਵ ਅੰਦਰ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਹੇਠਾਂ ਡਿੱਗ ਰਹੀਆਂ ਹਨ ਦੂਜੇ ਪਾਸੇ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦਾ ਭਾਅ ਲਗਾਤਾਰ ਵੱਧ ਰਿਹਾ ਹੈ। ਇਸ ਦੌਰਾਨ ਬੁਲਾਰਿਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਡੀਜ਼ਲ ਅਤੇ ਪੈਟਰੋਲ ’ਤੇ ਲਗਾਈ ਵਾਧੂ ਐਕਸਾਈਜ਼ ਡਿਊਟੀ ਅਤੇ ਰਾਜ ਸਰਕਾਰਾਂ ਵੱਲੋਂ ਲਗਾਏ ਕਰ ਤੁਰੰਤ ਹਟਾਉਣੇ ਚਾਹੀਦੇ ਹਨ।
ਤੇਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਦੀ ‘ਆਪ’ ਵੱਲੋਂ ਨਿੰਦਾ
ਪੱਟੀ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਹਲਕਾ ਪੱਟੀ ਦੇ ਇੰਚਾਰਜ ਰਣਜੀਤ ਸਿੰਘ ਚੀਮਾ ਮੀਤ ਪ੍ਰਧਾਨ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਪਿਛਲੇ 12 ਦਿਨਾਂ ਵਿੱਚ ਲਗਾਤਾਰ 7 ਵਾਰ ਵਾਧਾ ਕਰਨ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨਾ ਆਮ ਲੋਕਾਂ ਦੀ ਜੇਬ ’ਤੇ ਵੱਡਾ ਡਾਕਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਤੇਲ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ‘ਆਪ’ ਸੰਘਰਸ਼ ਦਾ ਰਾਹ ਅਖਤਿਆਰ ਕਰੇਗੀ।